ਚੰਡੀਗੜ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।


ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।


ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ ਬਰਾਮਦ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।


10,000 ਦੀ ਵੱਢੀ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ


ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।


ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।


ਉਸਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।