ਰਵਨੀਤ ਕੌਰ ਦੀ ਰਿਪੋਰਟ


Punjab News: ਪੰਜਾਬ ਦੇ ਸਾਰੇ ਪਟਵਾਰੀ ਅੱਜ ਤੋਂ 15 ਮਈ ਤੱਕ ਜਨਤਕ ਛੁੱਟੀ 'ਤੇ ਚਲੇ ਗਏ ਹਨ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਦੱਸ ਦਈਏ ਕਿ ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਲੇਰਕੋਟਲਾ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਯੂਨੀਅਨ ਨੇ ਪਟਵਾਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਰੈਵੀਨਿਊ-ਕਾਨੂੰਗੋ ਐਸੋਸੀਏਸ਼ਨ ਪੰਜਾਬ ਤੇ ਮਾਲ ਪਟਵਾਰੀ ਯੂਨੀਅਨ ਦੀ ਮੀਟਿੰਗ ਦੋਵੇਂ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਆਧਾਰ ’ਤੇ ਕਿਸੇ ਨੂੰ ਵੀ ਕਿਵੇਂ ਗ੍ਰਿਫ਼ਤਾਰ ਕਰ ਸਕਦੀ ਹੈ। ਇਹ ਸਰਾਸਰ ਬੇਇਨਸਾਫ਼ੀ ਤੇ ਮਨਮਾਨੀ ਹੈ।

ਉਨ੍ਹਾਂ ਕਿਹਾ ਕਿ ਜਿਸ ਦੇ ਆਧਾਰ 'ਤੇ ਮਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ। ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਦੀਦਾਰ ਸਿੰਘ ਛੋਕਰਾ ਉਨ੍ਹਾਂ ਦੀ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਹੈ ਤੇ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ।

ਯੂਨੀਅਨ ਨੇ ਕਿਹਾ ਕਿ ਵਿਜੀਲੈਂਸ ਪਟਵਾਰੀਆਂ ਖ਼ਿਲਾਫ਼ ਝੂਠੇ ਕੇਸ ਪਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਬਰਦਸਤੀ ਬਦਨਾਮ ਕਰਨ ਤੇ ਉਨ੍ਹਾਂ ਨੂੰ ਭ੍ਰਿਸ਼ਟ ਕਰਾਰ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲ ਹੀ 'ਚ ਹੁਸ਼ਿਆਰਪੁਰ ਦੇ ਮਾਹਿਲਪੁਰ 'ਚ ਵੀ ਵਿਜੀਲੈਂਸ ਨੇ ਤਹਿਸੀਲ ਕਰਮਚਾਰੀਆਂ-ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ।