Punjab News: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।


ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈਪੀਸੀ ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।


ਉਨ੍ਹਾਂ ਦੱਸਿਆ ਕਿ ਪੀਏਸੀਐਲ ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈਓਜੀਐਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ  ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀਏਸੀਐਲ ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। 


ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ। ਹਾਲਾਕਿ ਸਚਾਈ ਇਹ ਹੈ ਕਿ ਉਸ ਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿੱਚ ਹੋਈ ਹੀ ਨਹੀਂ ਸੀ। 


ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਪਗ 5 ਕਰੋੜ ਗ਼ਰੀਬ ਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀਏਸੀਐਲ ਵਿੱਚ ਲਗਪਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਐਲ ਲਿਮਟਿਡ ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰਐਮ ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।