ਨਵਦੀਪ ਆਹਲੂਵਾਲੀਆ ਦੀ ਰਿਪੋਰਟ



Mansa News: ਨਸ਼ੇ ਖਿਲਾਫ ਮੁਹਿੰਮ ਚਲਾਉਣ ਵਾਲੇ ਮਾਨਸਾ ਦੇ ਇੱਕ ਨੌਜਵਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਮਗਰੋਂ ਰੋਸ ਵਧ ਗਿਆ ਹੈ। ਅੱਜ ਲੋਕਾਂ ਵੱਲੋਂ ਇਕੱਠੇ ਹੋ ਕੇ ਮਾਨਸਾ ਸ਼ਹਿਰ ਵਿੱਚ ਮਾਰਚ ਕਰਕੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਨੌਜਵਾਨ ਦੀ ਰਿਹਾਈ ਦੀ ਮੰਗ ਕੀਤੀ ਗਈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੇ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਸ਼ਹਿਰ ਦੇ ਵਿੱਚ ਘੁੰਮਾਇਆ ਸੀ। ਇਸ ਦੇ ਚੱਲਦਿਆਂ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਧਰ, ਪਰਵਿੰਦਰ ਸਿੰਘ ਝੋਟੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਨਸ਼ੇ ਖਿਲਾਫ ਮੁਹਿੰਮ ਚਲਾ ਰਿਹਾ ਹੈ। ਨਸ਼ੇ ਵੇਚਣ ਵਾਲਿਆਂ ਨੂੰ ਫੜਕੇ ਪੁਲਿਸ ਦੇ ਹਵਾਲੇ ਕਰ ਰਿਹਾ ਸੀ ਪਰ ਪੁਲਿਸ ਨੇ ਨਸ਼ੇ ਵਾਲੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਸ ਖਿਲਾਫ ਹੀ ਮਾਮਲਾ ਦਰਜ ਕਰਕੇ ਉਸ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਨੌਜਵਾਨ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸ਼ਹਿਰ ਦੇ ਲੋਕ ਪ੍ਰਦਰਸ਼ਨ ਕਰਦੇ ਰਹਿਣਗੇ।


ਇਹ ਵੀ ਪੜ੍ਹੋ: ਡੀਸੀ ਦੇ ਸਾਹਮਣੇ ਵਿਧਾਇਕ ਹੋ ਗਿਆ ਤੱਤਾ, ਬੋਲਿਆ ਜੇ ਕੰਮ ਨਹੀਂ ਕਰਨਾ ਤਾਂ ਸਾਫ਼ ਦੱਸੋ...


ਉਨ੍ਹਾਂ ਕਿਹਾ ਪਿਛਲੇ ਮਹੀਨੇ ਵੀ ਉਕਤ ਨੌਜਵਾਨ ਖਿਲਾਫ ਪੁਲਿਸ ਵੱਲੋਂ ਇੱਕ ਝੂਠਾ ਮਾਮਲਾ ਦਰਜ ਕਰ ਦਿੱਤਾ ਗਿਆ ਸੀ ਪਰ ਲੋਕਾਂ ਦੇ ਵਿਰੋਧ ਤੋਂ ਬਾਅਦ ਉਕਤ ਨੌਜਵਾਨ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਸੀ। ਉਨ੍ਹਾਂ ਪੁਲਿਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਰਵਿੰਦਰ ਸਿੰਘ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇ਼ ਕੀਤੇ ਜਾਣਗੇ। 


ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ 12 ਜੁਲਾਈ ਨੂੰ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਤੋਂ ਸਿਗਨੇਚਰ ਕੈਪਸੂਲ ਫੜੇ ਜਾਣ ਤੇ ਪਰਵਿੰਦਰ ਸਿੰਘ ਝੋਟਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਸ਼ਹਿਰ ਦੇ ਵਿੱਚ ਘੁੰਮਾਇਆ ਸੀ। ਉਸ ਨੂੰ ਬਾਅਦ ਵਿੱਚ ਪੁਲਿਸ ਥਾਣੇ ਲੈ ਆਏ ਜਿਸ ਤਹਿਤ ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਦੇ ਦੋਸ਼ ਵਿੱਚ ਅੱਜ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab News: ਨਹੀਂ ਹੋਏਗਾ ਅਕਾਲੀ ਦਲ ਤੇ ਬੀਜੇਪੀ ਦਾ ਗੱਠਜੋੜ, ਜਾਖੜ ਦੇ ਸਟੈਂਡ 'ਤੇ ਰੂਪਾਨੀ ਦੀ ਮੋਹਰ