ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਜਲਦ ਹੀ ਮਾਲਕਾਨਾ ਹੱਕ ਮਿਲਣ ਜਾ ਰਹੇ ਹਨ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜ਼ਿਲ੍ਹਾ ਵਾਸੀਆਂ ਨੂੰ ਇਹ ਖੁਸ਼ਖਬਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਮਾਲਕੀ ਦੇ ਹੱਕ ਮਿਲ ਜਾਣ ’ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜ਼ਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਸਮੂਹ ਤਹਿਸੀਲਦਾਰ, ਬੀ.ਡੀ.ਪੀ.ਓ, ਕਾਨੂੰਗੋ ਅਤੇ ਪਟਵਾਰੀਆਂ ਆਦਿ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਵਿਚ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਬਾਖੂਬੀ ਅੰਜ਼ਾਮ ਦੇਣ ਲਈ ਡਰੋਨ ਰਾਹੀਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਕਸਬਿਆਂ ਵਿਚ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।