Bharat Bandh: ਪੰਜਾਬ ਤੇ ਹਰਿਆਣਾ ਵਾਲੇ 'ਭਾਰਤ ਬੰਦ' ਲਈ ਨਹੀਂ ਮੰਨੇ, ਦੋਵਾਂ ਸੂਬਿਆਂ 'ਚ ਮੱਠਾ ਹੁਗਾਰਾ
Bharat Bandh in Punjab: ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਨਜਾਤੀਆਂ (ਐਸਟੀ) ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਨ ਲਈ ਅੱਜ ਭਾਰਤ ਬੰਦ ਨੂੰ ਪੰਜਾਬ ਤੇ ਹਰਿਆਣਾ ਭਰ ਵਿੱਚ ਬਹੁਤਾ ਹੁੰਗਾਰਾ ਨਹੀਂ ਮਿਲਿਆ।
Bharat Bandh in Punjab: ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਨਜਾਤੀਆਂ (ਐਸਟੀ) ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਨ ਲਈ ਅੱਜ ਭਾਰਤ ਬੰਦ ਨੂੰ ਪੰਜਾਬ ਤੇ ਹਰਿਆਣਾ ਭਰ ਵਿੱਚ ਬਹੁਤਾ ਹੁੰਗਾਰਾ ਨਹੀਂ ਮਿਲਿਆ। ਪੰਜਾਬ ਵਿੱਚ ਕੁਝ ਥਾਵਾਂ ’ਤੇ ਜਨਜੀਵਨ ਵਿੱਚ ਵਿਘਨ ਪਿਆ।
ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਸਥਿਤੀ ਲਗਪਗ ਆਮ ਵਾਂਗ ਰਹੀ। ਬੈਂਕਿੰਗ ਸੇਵਾਵਾਂ ਤੇ ਵਿਦਿਅਕ ਸੰਸਥਾਵਾਂ ਤੇ ਵਪਾਰਕ ਅਦਾਰਿਆਂ ਦਾ ਸੰਚਾਲਨ ਆਮ ਸੀ। ਪੰਜਾਬ ਦੇ ਅਨੁਸੂਚਿਤ ਜਾਤੀ ਦੇ ਪ੍ਰਭਾਵ ਵਾਲੇ ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਭਾਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੰਜਾਬ ਤੇ ਹਰਿਆਣਾ ਵਿੱਚ ਆਵਾਜਾਈ ਆਮ ਵਾਂਗ ਚੱਲ ਰਹੀ ਹੈ ਤੇ ਰਾਸ਼ਟਰੀ ਰਾਜ ਮਾਰਗਾਂ ਅਤੇ ਰੇਲ ਪਟੜੀਆਂ ‘ਤੇ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੇ ਬੈਠਣ ਦੀ ਕੋਈ ਰਿਪੋਰਟ ਨਹੀਂ।
ਇਨ੍ਹਾਂ ਦੋਵਾਂ ਰਾਜਾਂ ਵਿੱਚ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਨਹੀਂ ਹੈ। ਐਮਰਜੰਸੀ ਮੈਡੀਕਲ ਸੇਵਾਵਾਂ ਨੂੰ ਨਾਕਾਬੰਦੀ ਤੋਂ ਛੋਟ ਦਿੱਤੀ ਗਈ ਸੀ। ‘ਖੱਬੀਆਂ ਪਾਰਟੀਆਂ, ਝਾਰਖੰਡ ਮੁਕਤੀ ਮੋਰਚਾ, ਕਾਂਗਰਸ, ਰਾਸ਼ਟਰੀ ਜਨਤਾ ਦਲ ਤੇ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਦੇਸ਼ ਵਿਆਪੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਭਾਰਤ ਬੰਦ ਦੇ ਸਮਰਥਨ ਵਿੱਚ ਹੈ। ਬਸਪਾ ਵੱਲੋਂ ਜਲੰਧਰ ਦੇ ਰਾਮਾ ਮੰਡੀ ਚੌਕ, ਬੂਟਾ ਪਿੰਡ ਚੌਕ ਤੇ ਪਠਾਨਕੋਟ ਚੌਕ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਾਲਮੀਕਿ ਸਮਾਜ ਭਾਰਤ ਬੰਦ ਦੇ ਵਿਰੋਧ 'ਚ ਉੱਤਰ ਆਇਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਸੁਝਾਅ ਸਹੀ ਹੈ। ਉਨ੍ਹਾਂ ਜਲੰਧਰ ਵਿੱਚ ਲੱਡੂ ਵੀ ਵੰਡੇ।
ਵਾਲਮੀਕਿ ਸਭਾ ਦੇ ਚੇਅਰਮੈਨ ਰਾਜਕੁਮਾਰ ਰਾਜੂ ਨੇ ਕਿਹਾ ਕਿ ਜੇਕਰ ਕਿਸੇ ਨੇ ਦੁਕਾਨਾਂ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਇਸ ਦਾ ਵਿਰੋਧ ਕਰਨਗੇ। ਵਾਲਮੀਕਿ ਸਮਾਜ ਦੇ ਆਗੂ ਵਿਪਨ ਸੱਭਰਵਾਲ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦਾ ਪੁਤਲਾ ਫੂਕਿਆ ਗਿਆ।