People of Punjab, rejecting Congress-SAD-BJP, voted for change: Kultar Singh Sandhwan


ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੋਣ ਸਰਵੇਖਣਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਅਕਾਲੀ ਦਲ ਬਾਦਲ ਦੀ ਗੰਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਜਿਸ ਤਰਾਂ ਦਿੱਲੀ 'ਚ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਹੋ ਗਿਆ, ਉਸੇ ਤਰਾਂ 10 ਮਾਰਚ ਨੂੰ ਪੰਜਾਬ ਵਿੱਚ ਵੀ ਕਾਂਗਰਸ, ਅਕਾਲੀ ਅਤੇ ਭਾਜਪਾ ਦੀ ਸੰਪਰਦਾਇਕ, ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਖ਼ਤਮ ਹੋ ਜਾਵੇਗੀ।


ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਵੋਟ ਪਾਈ ਹੈ ਅਤੇ ਕੰਮ ਦੇ ਆਧਾਰ 'ਤੇ ਵੋਟ ਮੰਗਣ ਵਾਲੀ ਆਮ ਆਦਮੀ ਪਾਰਟੀ ਦੀ ਚੋਣ ਕੀਤੀ ਹੈ। ਉਨਾਂ ਦਾਅਵਾ ਕੀਤਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਭਾਜਪਾ, ਕਾਂਗਰਸ ਅਤੇ ਹੋਰ ਰਿਵਾਇਤੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਤੋਂ ਲੋਕ ਤੰਗ ਆ ਚੁਕੇ ਹਨ ਅਤੇ ਇਸ ਤੋਂ ਛੁਟਕਾਰਾ ਚਾਹੁੰਦੇ ਹਨ।


ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇਸ਼ ਦੇ ਲੋਕਾਂ ਕੋਲ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕੋਈ ਵਿਕਲਪ ਨਹੀਂ ਸੀ, ਇਸ ਲਈ ਲੋਕ ਕਾਂਗਰਸ ਤੋਂ ਧੋਖ਼ਾ ਖਾ ਕੇ ਭਾਜਪਾ ਨੂੰ ਚੁਣਦੇ ਸਨ ਅਤੇ ਭਾਜਪਾ ਤੋਂ ਧੋਖ਼ਾ ਖਾ ਕੇ ਕਾਂਗਰਸ ਨੂੰ ਵੋਟ ਦਿੰਦੇ ਸੀ। ਹੁਣ ਲੋਕਾਂ ਨੂੰ ਇੱਕ ਇਮਾਨਦਾਰ ਅਤੇ ਕੰਮ ਕਰਨ ਵਾਲੀ 'ਆਪ' ਦੇ ਰੂਪ ਵਿੱਚ ਵਿਕਲਪ ਮਿਲ ਗਿਆ ਹੈ।


ਕੁਲਾਤਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਕੌਮੀ ਪੱਧਰ 'ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕਿਸੇ ਪਾਰਟੀ ਦੀ ਦੋ ਰਾਜਾਂ ਵਿੱਚ ਸਰਕਾਰ ਬਣਨ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਕਾਂਗਰਸ ਨੂੰ ਪਿਛਾੜ ਕੇ ਭਾਜਪਾ ਨੂੰ ਪੂਰੀ ਮਜ਼ਬੂਤੀ ਨਾਲ ਚਣੌਤੀ ਦੇਵੇਗੀ, ਕਿਉਂਕਿ ਆਮ ਆਦਮੀ ਪਾਰਟੀ ਹੁਣ ਪੂਰੇ ਦੇਸ਼ ਦੀ ਪਾਰਟੀ ਬਣਨ ਜਾ ਰਹੀ ਹੈ।


ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਿਬੀ 'ਚ ਜ਼ਬਰਦਸਤ ਧਮਾਕਾ, 4 ਸੁਰੱਖਿਆ ਬਲ ਦੇ ਜਵਾਨ ਸ਼ਹੀਦ, 20 ਤੋਂ ਵੱਧ ਜ਼ਖਮੀ