Punab News: ਰੇਤ ਮਾਫੀਆਂ ਨੂੰ ਨੱਥ ਪਾਉਣ ਤੇ ਲੋਕਾਂ ਨੂੰ ਸਸਤਾ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਇੱਕ ਹੋਰ ਅਹਿਮ ਕਦਮ ਉਠਾਇਆ ਹੈ। ਸਰਕਾਰ ਨੇ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਰੇਟ ਤੈਅ ਕਰ ਦਿੱਤਾ ਹੈ। ਇਸ ਨਾਲ ਟਰਾਂਸਪੋਰਟਰ ਰੇਤਾ-ਬਜਰੀ ਦੀ ਢੋਆ-ਢੁਆਈ ’ਚ ਮਨਮਰਜ਼ੀ ਦੇ ਰੇਟ ਨਹੀਂ ਵਸੂਲ ਸਕਣਗੇ। ਖਣਨ ਤੇ ਟਰਾਂਸਪੋਰਟ ਵਿਭਾਗ ਦਾ ਦਾਅਵਾ ਹੈ ਕਿ ਇਸ ਨਾਲ ਲੋਕਾਂ ਨੂੰ ਸਸਤਾ ਰੇਤਾ-ਬਜਰੀ ਮਿਲੇਗਾ। 


ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਖੱਡਾਂ ’ਚੋਂ ਰੇਤਾ ਟੈਕਸ ਸਮੇਤ 9.34 ਰੁਪਏ ਪ੍ਰਤੀ ਕਿਊਬਿਕ ਫੁੱਟ ਦਿੱਤਾ ਜਾਂਦਾ ਸੀ, ਉਹ ਲੋਕਾਂ ਨੂੰ 32 ਤੋਂ 35 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਮਿਲਦਾ ਸੀ। ਖਣਨ ਮਹਿਕਮੇ ਦਾ ਮੰਨਣਾ ਹੈ ਕਿ ਅਸਲ ਵਿੱਚ ਰੇਤੇ-ਬਜਰੀ ਵਿੱਚ ਵੱਡੀ ਲੁੱਟ ਟਰਾਂਸਪੋਰਟ ਰਾਹੀਂ ਹੁੰਦੀ ਹੈ, ਇਸ ਕਰਕੇ ਟਰਾਂਸਪੋਰਟ ਦੇ ਰੇਟ ਤੈਅ ਹੋਣ ਨਾਲ ਇਸ ਨੂੰ ਠੱਲ੍ਹ ਪਏਗੀ।


ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰੇਤਾ-ਬਜਰੀ ਦੀ ਦੋ ਕਿਲੋਮੀਟਰ ਤੱਕ ਦੀ ਢੋਆ-ਢੁਆਈ ਲਈ ਟਰਾਂਸਪੋਰਟਰ ਨੂੰ ਪ੍ਰਤੀ ਮੀਟਰਕ ਟਨ ਪਿੱਛੇ 84.92 ਰੁਪਏ ਮਿਲਣਗੇ ਤੇ 50 ਕਿਲੋਮੀਟਰ ਦੀ ਦੂਰੀ ਬਦਲੇ 349.82 ਰੁਪਏ ਪ੍ਰਤੀ ਟਨ ਮਿਲਣਗੇ। ਇਸੇ ਤਰ੍ਹਾਂ 100 ਕਿਲੋਮੀਟਰ ਦੀ ਦੂਰੀ ਦੇ 467.95 ਰੁਪਏ ਪ੍ਰਤੀ ਟਨ ਭਾੜਾ ਮਿਲੇਗਾ ਤੇ 150 ਕਿਲੋਮੀਟਰ ਦੂਰੀ ਦਾ ਭਾੜਾ 526.19 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ। 


ਇਸ ਤੋਂ ਇਲਾਵਾ 579.78 ਰੁਪਏ ਪ੍ਰਤੀ ਟਨ ਭਾੜਾ 200 ਕਿਲੋਮੀਟਰ ਦੀ ਦੂਰੀ ਦਾ ਨਿਸ਼ਚਿਤ ਕੀਤਾ ਗਿਆ ਹੈ। ਟਰਾਂਸਪੋਰਟਰ ਨੂੰ 300 ਕਿਲੋਮੀਟਰ ਦੀ ਦੂਰੀ ਦਾ ਕਿਰਾਇਆ 686.96 ਰੁਪਏ ਪ੍ਰਤੀ ਟਨ ਮਿਲੇਗਾ। ਟਰਾਂਸਪੋਰਟਰਾਂ ਨੂੰ ਖਣਨ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਵਾਹਨਾਂ ਵਿੱਚ ਟਿੱਪਰ, ਟਰੱਕ ਤੇ ਟਰਾਲੇ ਆਦਿ ਸ਼ਾਮਲ ਹਨ। ਪੰਜਾਬ ਵਿੱਚ ਕਰੀਬ 6100 ਟਿੱਪਰ ਹਨ।


ਖਣਨ ਮਹਿਕਮੇ ਵੱਲੋਂ ਕੈਬ ਦੀ ਤਰਜ਼ ’ਤੇ ਇਕ ਐਪ ਬਣਾਈ ਗਈ ਹੈ ਜਿਸ ’ਤੇ ਕੋਈ ਵੀ ਗਾਹਕ ਰੇਤਾ-ਬਜਰੀ ਦਾ ਆਨਲਾਈਨ ਆਰਡਰ ਕਰ ਸਕੇਗਾ। ਰਜਿਸਟਰਡ ਟਰੱਕਾਂ ਜਾਂ ਟਿੱਪਰਾਂ ’ਚੋਂ ਜੋ ਵੀ ਮੌਕੇ ’ਤੇ ਉਪਲਬਧ ਹੋਵੇਗਾ, ਉਸ ਨੂੰ ਆਰਡਰ ਦੇ ਦਿੱਤਾ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।