Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Barnala News: ਭਦੌੜ ਕਸਬੇ ਦੇ ਨਜ਼ਦੀਕ ਪੈਂਦੇ ਸੰਧੂਕਲਾ ਪਿੰਡ ਵਿੱਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀ ਸੜਕ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਬੀਤੇ ਦਿਨੀਂ ਪਿੰਡ ਵਾਸੀ ਜੀਵਨ ਸਿੰਘ, ਜਗਤਾਰ ਸਿੰਘ
Barnala News: ਭਦੌੜ ਕਸਬੇ ਦੇ ਨਜ਼ਦੀਕ ਪੈਂਦੇ ਸੰਧੂਕਲਾ ਪਿੰਡ ਵਿੱਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀ ਸੜਕ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਬੀਤੇ ਦਿਨੀਂ ਪਿੰਡ ਵਾਸੀ ਜੀਵਨ ਸਿੰਘ, ਜਗਤਾਰ ਸਿੰਘ ਅਤੇ ਸੁਖਪ੍ਰੀਤ ਸਿੰਘ ਹਾਈ ਵੋਲਟੇਜ ਬਿਜਲੀ ਦੇ ਖੰਭੇ ’ਤੇ ਚੜ੍ਹ ਗਏ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਾਈ ਜਾ ਰਹੀ ਨਵੀਂ ਸੜਕ ਪਿੰਡ ਸੰਧੂਕਲਾ ਵਿੱਚੋਂ ਲੰਘ ਰਹੀ ਹੈ। ਇਸ ਸੜਕ ਦੇ ਬਣਨ ਨਾਲ ਸੁਖਪਾਲ ਸਿੰਘ ਪੁੱਤਰ ਕਰਨਲ ਸਿੰਘ ਦਾ ਘਰ, ਜਗਤਾਰ ਸਿੰਘ ਪੁੱਤਰ ਸੁਲੱਖਣ ਸਿੰਘ ਦੀ ਜ਼ਮੀਨ ਅਤੇ ਰਾਜ ਸਿੰਘ ਦਾ ਘਰ ਪ੍ਰਭਾਵਿਤ ਹੋ ਰਿਹਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ੇ ਦੀ ਪੂਰੀ ਰਕਮ ਨਹੀਂ ਮਿਲੀ। ਇਸ ਕਾਰਨ ਉਨ੍ਹਾਂ ਨੇ ਇਸ ਪ੍ਰਾਜੈਕਟ ਦਾ ਵਿਰੋਧ ਕੀਤਾ।
ਪਿੰਡ ਵਾਸੀਆਂ ਅਨੁਸਾਰ ਜਦੋਂ ਪੁਲਿਸ ਪ੍ਰਸ਼ਾਸਨ ਨੇ ਪ੍ਰਭਾਵਿਤ ਪਰਿਵਾਰਾਂ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਜੀਵਨ ਸਿੰਘ, ਜਗਤਾਰ ਸਿੰਘ ਅਤੇ ਸੁਖਪ੍ਰੀਤ ਸਿੰਘ ਵਿਰੋਧ ਵਿੱਚ ਹਾਈ ਵੋਲਟੇਜ ਬਿਜਲੀ ਦੇ ਟਾਵਰ ’ਤੇ ਚੜ੍ਹ ਗਏ। ਇਨ੍ਹਾਂ ਲੋਕਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਮੁਆਵਜ਼ੇ ਦੀ ਪੂਰੀ ਰਕਮ ਨਹੀਂ ਮਿਲਦੀ ਅਤੇ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਕਿਸਾਨ ਯੂਨੀਅਨ ਦਾ ਸਮਰਥਨ
ਭਾਰਤੀ ਕਿਸਾਨ ਯੂਨੀਅਨ (ਉਗਰਾਹਾ) ਨੂੰ ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਮਾਮਲੇ ਨੂੰ ਸ਼ਾਂਤ ਕੀਤਾ। ਕਿਸਾਨ ਯੂਨੀਅਨ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਅਤੇ ਆਗੂ ਭੋਲਾ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਸੰਧੂਕਲਾ ਦੇ ਬੱਸ ਅੱਡੇ ’ਤੇ ਧਰਨਾ ਸ਼ੁਰੂ ਕਰ ਦਿੱਤਾ। ਧਰਨੇ ਦੇ ਦਬਾਅ ਕਾਰਨ ਪੁਲਿਸ ਪ੍ਰਸ਼ਾਸਨ ਨੇ ਹਿਰਾਸਤ ਵਿੱਚ ਲਏ ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨ ਯੂਨੀਅਨ ਦੇ ਆਗੂਆਂ ਨੇ ਜੀਵਨ ਸਿੰਘ, ਜਗਤਾਰ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਹਾਈ ਵੋਲਟੇਜ ਬਿਜਲੀ ਟਾਵਰ ਤੋਂ ਹੇਠਾਂ ਉਤਾਰਨ ਵਿੱਚ ਮਦਦ ਕੀਤੀ।
ਪੁਲਿਸ ਪ੍ਰਸ਼ਾਸਨ ਦਾ ਬਿਆਨ
ਇਸ ਪੂਰੇ ਮਾਮਲੇ ਸਬੰਧੀ ਥਾਣਾ ਭਦੌੜ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ। ਇਹ ਪੁੱਛੇ ਜਾਣ 'ਤੇ ਕਿ ਲੋਕ ਬਿਜਲੀ ਦੇ ਟਾਵਰ 'ਤੇ ਕਿਉਂ ਚੜ੍ਹੇ ਤਾਂ ਉਨ੍ਹਾਂ ਕਿਹਾ ਕਿ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਸਾਰੇ ਵਿਅਕਤੀਆਂ ਨੂੰ ਸੁਰੱਖਿਅਤ ਹੇਠਾਂ ਲਿਆਂਦਾ ਗਿਆ ਹੈ।
ਪਿੰਡ ਵਾਸੀਆਂ ਦੀ ਮੰਗ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਆਵਜ਼ੇ ਦੀ ਸਾਰੀ ਰਕਮ ਨਹੀਂ ਮਿਲਦੀ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।