Punjab News: ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਫਿਰ ਤੋਂ ਵੱਧ ਮੰਡਰਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 6 ਅਤੇ 7 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਹ ਬਾਰਿਸ਼ 4 ਅਕਤੂਬਰ ਦੀ ਰਾਤ ਤੋਂ ਸ਼ੁਰੂ ਹੋ ਸਕਦੀ ਹੈ।

ਇਸ ਦੌਰਾਨ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਨਹਿਰਾਂ ਤੇ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਮੀਂਹ ਦੇ ਅਲਰਟ ਤੋਂ ਬਾਅਦ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ 35000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਰਣਜੀਤ ਸਾਗਰ ਡੈਮ ਦੇ ਤਿੰਨ ਸਪਿਲਵੇਅ ਗੇਟ ਖੋਲ੍ਹ ਕੇ ਰਾਵੀ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ

ਦੱਸ ਦਈਏ ਕਿ ਰਣਜੀਤ ਸਾਗਰ ਡੈਮ ਝੀਲ ਦਾ ਪਾਣੀ ਦਾ ਪੱਧਰ ਲਗਭਗ 523 ਮੀਟਰ ਹੈ, ਖ਼ਤਰੇ ਦਾ ਨਿਸ਼ਾਨ 527 ਮੀਟਰ ਹੈ, ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਜਾਰੀ ਚੇਤਾਵਨੀ ਕਾਰਨ ਸਾਵਧਾਨੀ ਵਜੋਂ ਪਾਣੀ ਛੱਡਿਆ ਜਾ ਰਿਹਾ ਹੈ, ਤਾਂ ਜੋ ਹੜ੍ਹ ਦੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ, ਹਾਲਾਂਕਿ ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਵਿੱਚ ਹੈ ਤੇ ਕੋਈ ਖ਼ਤਰਾ ਨਹੀਂ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਲਗਭਗ 110 ਮਿਲੀਮੀਟਰ, ਜੰਮੂ ਵਿੱਚ 120 ਮਿਲੀਮੀਟਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 160 ਤੋਂ 180 ਮਿਲੀਮੀਟਰ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਤੇ ਜੰਮੂ ਵਿੱਚ ਪਏ ਮੀਂਹ ਦਾ ਪੰਜਾਬ ਵਿੱਚ ਅਸਰ ਦੇਖਣ ਨੂੰ ਮਿਲੇਗਾ। ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਬਾਰਿਸ਼ ਹੋਣ ਦੀ ਉਮੀਦ ਹੈ।

ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

ਮਾਹਿਰ ਆਖਦੇ ਹਨ ਕਿ ਅਕਤੂਬਰ ਮਹੀਨੇ ’ਚ ਪਹਿਲਾਂ ਕਦੇ ਐਨਾ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਪਹਿਲਾਂ ਹੀ ਕਰੀਬ ਪੰਜ ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ। ਖੇਤਾਂ ’ਚੋਂ ਰੇਤਾ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਤਾਂ ਜੋ ਖੇਤਾਂ ਨੂੰ ਹਾੜ੍ਹੀ ਦੀ ਫ਼ਸਲ ਲਈ ਤਿਆਰ ਕੀਤਾ ਜਾ ਸਕੇ। ਜੇਕਰ ਮੁੜ ਹੜ੍ਹ ਆਉਂਦੇ ਹਨ ਤਾਂ ਖੇਤਾਂ ’ਚ ਦੁਬਾਰਾ ਰੇਤਾ ਚੜ੍ਹਨ ਦੀ ਸੰਭਾਵਨਾ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :