ਫ਼ਿਰੋਜ਼ਪੁਰ: ਅੱਜ 28 ਅਗਸਤ ਨੂੰ ਬਲਾਤਕਾਰੀ ਕਰਾਰ ਦਿੱਤੇ ਗਏ ਗੁਰਮੀਤ ਰਾਮ ਰਹੀਮ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। 25 ਅਗਸਤ ਨੂੰ ਦੋਸ਼ ਆਇਦ ਹੋਣ ਤੋਂ ਬਾਅਦ ਡੇਰਾ ਸਿਰਸਾ ਦੇ ਗੁੰਡੇ ਹਿੰਸਾ 'ਤੇ ਉੱਤਰ ਆਏ ਸੀ। 100 ਤੋਂ ਵੱਧ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ ਤੇ ਸਰਕਾਰੀ ਇਮਾਰਤਾਂ ਦੀ ਭੰਨਤੋੜ ਕੀਤੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿੱਚ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਮੁਕੱਰਰ ਕੀਤੀ ਜਾਣੀ ਹੈ। ਇਸ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਫ਼ਿਰੋਜ਼ਪੁਰ ’ਚ ਅੱਜ ਦੁਪਹਿਰ ਇਕ ਵਜੇ ਤੋਂ ਸਵੇਰੇ 6 ਵਜੇ ਤੱਕ ਮੁੜ ਕਰਫਿਊ ਲਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਕੂਲ-ਕਾਲਜ ਬੰਦ ਕਰਨ ਦਾ ਐਲਾਨ ਕੀਤਾ ਸੀ, ਉੱਥੇ ਅੱਜ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਜ਼ਿਲ੍ਹੇ ਦੇ ਪੈਟਰੋਲ ਪੰਪ ਤੇ ਦੁਕਾਨਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਵੇਖਦਿਆਂ ਪ੍ਰਸ਼ਾਸਨ ਲਗਾਤਾਰ ਪੱਬਾਂ ਭਾਰ ਹੋਇਆ ਪਿਆ ਹੈ। ਬੀਤੀ ਰਾਤ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ 6 ਡੇਰਿਆਂ ਨੂੰ ਜਿੰਦਰੇ ਲਾ ਦਿੱਤੇ ਹਨ। ਅੱਜ 9 ਡੇਰਾ ਸਮਰਥਕਾਂ ਨੂੰ ਹਿੰਸਾ ਫੈਲਾਉਣ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ਹੈ। ਪੈਟਰੋਲ ਪੰਪ ਬੰਦ ਕਰਵਾਉਣ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਮਾਹੌਲ ਨੂੰ ਦੇਖਦਿਆਂ ਸੁਰੱਖਿਆ ਵਜੋਂ ਇਹ ਕਦਮ ਚੁੱਕੇ ਜਾ ਰਹੇ ਹਨ।