ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਨੇ ਪੰਜਾਬ ਦੇ ਆਯੂਸ਼ਮਾਨ ਸਕੀਮ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ, 2021 ਤੋਂ ਬਕਾਇਆ ਹੈ। ਇਸ ਲਈ ਪੀਜੀਆਈ ਨੇ ਪੰਜਾਬ ਸਰਕਾਰ ਨੂੰ ਵਾਰ-ਵਾਰ ਰੀਮਾਈਂਡਰ ਭੇਜੇ। ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਨੇ 1 ਅਗਸਤ ਤੋਂ ਮਰੀਜ਼ਾਂ ਦੇ ਇਲਾਜ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਸੈਕਟਰ 32 ਦੇ ਸਰਕਾਰੀ ਹਸਪਤਾਲ ਨੇ ਵੀ ਪੈਸੇ ਨਾ ਮਿਲਣ ਕਾਰਨ ਇਲਾਜ ਬੰਦ ਕਰ ਦਿੱਤਾ ਹੈ।




ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਹਿਬ ਕੀ ਇਹ ਹੈਲਥ ਮਾਡਲ ਤੁਸੀਂ ਸਾਡੇ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹੋ? ਹੁਣ ਤਾਂ ਪੀਜੀਆਈ ਚੰਡੀਗੜ੍ਹ ਨੇ ਵੀ ਸਾਡੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ। 'ਆਪ' ਸਰਕਾਰ ਬਕਾਇਆ ਦੇਣ ਵਿੱਚ ਅਸਫਲ ਰਹੀ ਹੈ ਜਾਂ ਜਾਣਬੁੱਝ ਕੇ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹੋ ਜਾਣ?



ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸੇਵਾਵਾਂ ਨੂੰ ਲੈ ਕੇ ਅਸਲ ਵਚਨਬੱਧਤਾ ਹੈ। ਹੁਣ PGI Chd & Pb ਹਸਪਤਾਲਾਂ ਨੇ #AyushmanBharat ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਮੈਂ ਭਗਵੰਤ ਨੂੰ ਸਲਾਹ ਦਿੰਦਾ ਹਾਂ ਕਿ ਉਹ ਇਸ਼ਤਿਹਾਰਾਂ 'ਤੇ ਧਿਆਨ ਕੇਂਦਰਿਤ ਕਰਨ ਤੇ ਇਹ ਯਕੀਨੀ ਬਣਾਉਣ ਕਿ Pbis ਨੂੰ ਉਨ੍ਹਾਂ ਦੇ ਡਾਕਟਰੀ ਖਰਚਿਆਂ ਲਈ ਫੰਡ ਮੁਹੱਈਆ ਕਰਨ ਵਿੱਚ ਸਰਕਾਰ ਦੀ ਅਸਫਲਤਾ ਕਾਰਨ ਨੁਕਸਾਨ ਨਾ ਹੋਵੇ।

ਦੱਸ ਦਈਏ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਿਵਾਲਾ ਨਿਕਲ ਚੁੱਕਾ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ।

ਪੀਜੀਆਈ ਇਸ ਸਕੀਮ ਤਹਿਤ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ। 'ਦ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਪੰਜਾਬ ਦੇ ਸਿਹਤ ਸਕੱਤਰ ਅਜੇ ਸ਼ਰਮਾ ਨੇ ਕਿਹਾ ਕਿ ਪੀਜੀਆਈ ਨੂੰ ਇੱਕ ਹਫ਼ਤੇ ਵਿੱਚ ਇਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਅਜੈ ਸ਼ਰਮਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਰਕਾਰ ਦਾ 300 ਕਰੋੜ ਰੁਪਏ ਬਕਾਇਆ ਹੈ। ਮਾਮਲਾ ਵਿੱਤ ਵਿਭਾਗ ਕੋਲ ਹੈ ਤੇ ਉਮੀਦ ਹੈ ਕਿ ਇੱਕ ਹਫ਼ਤੇ ਵਿੱਚ ਬਕਾਏ ਦਾ ਭੁਗਤਾਨ ਕਰ ਦਿੱਤਾ ਜਾਵੇਗਾ।

ਪੰਜਾਬ ਦੇ ਲੋਕ 1 ਅਗਸਤ ਤੋਂ ਇਸ ਸਕੀਮ ਦੇ ਯੋਗ ਨਹੀਂ
ਪੀਜੀਆਈ ਦੇ ਡਿਪਟੀ ਡਾਇਰੈਕਟਰ ਗੌਰਵ ਧਵਨ ਨੇ ਦੱਸਿਆ ਕਿ ਪੰਜਾਬ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਸਕੀਮ ਤਹਿਤ ਲਾਭ ਲੈਣ ਦੇ ਯੋਗ ਨਹੀਂ ਹਨ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਇਸ ਸਕੀਮ ਲਈ ਪੀਜੀਆਈ ਦੇ ਨੋਡਲ ਅਫ਼ਸਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੂਜੇ ਰਾਜਾਂ ਦੇ ਲਾਭਪਾਤਰੀ ਪਹਿਲਾਂ ਵਾਂਗ ਸੇਵਾਵਾਂ ਲੈਂਦੇ ਰਹਿਣਗੇ।

ਇਨ੍ਹਾਂ ਹਸਪਤਾਲਾਂ ਦਾ ਬਕਾਇਆ
ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਨੇ 2.3 ਕਰੋੜ ਰੁਪਏ ਦੇ ਬਕਾਇਆ ਹੋਣ ਕਾਰਨ ਇਸ ਸਾਲ ਮਾਰਚ ਤੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ। ਪੰਜਾਬ ਸਰਕਾਰ ਦਾ ਇਸ ਸਕੀਮ ਤਹਿਤ ਜੀਐਮਸੀਐਚ ਸੈਕਟਰ 32, ਜੀਐਮਐਸਐਚ ਸੈਕਟਰ-16 ਤੇ ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਦਾ 3 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ। ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਪੰਜਾਬ ਦੀ ਘੱਟੋ-ਘੱਟ 65 ਫੀਸਦੀ ਆਬਾਦੀ ਨੂੰ ਵਿੱਤੀ ਸਹਾਇਤਾ ਤਹਿਤ ਸਿਹਤ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਇਹ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਹੱਕ-ਅਧਾਰਤ ਸਿਹਤ ਬੀਮਾ ਕਵਰ ਹੈ।