ਚੰਡੀਗੜ੍ਹ: ਗੈਂਗਸਟਰਾਂ ਨੂੰ ਸਿਆਸੀ ਸ਼ਹਿ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਖੁਦ ਹੀ ਕਸੂਤਾ ਘਿਰ ਗਿਆ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਸਵੀਰਾਂ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਦਾ ਗੈਂਗਸਟਰਾਂ ਨਾਲ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਤਹਿ ਤੱਕ ਜਾਣਗੇ ਤੇ ਇਸ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।


ਯਾਦ ਰਹੇ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਇਲਜ਼ਾਮ ਲਾ ਰਹੇ ਹਨ ਕਿ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਸਬੰਧ ਹਨ। ਇਸ ਤੋਂ ਪਹਿਲਾਂ ਮਜੀਠੀਆ ਨੇ ਰੰਧਾਵਾ ਨਾਲ ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ ਕਰਕੇ ਗੰਭੀਰ ਇਲਜ਼ਾਮ ਲਾਏ ਸੀ।

ਇਸ ਦੇ ਜਵਾਬ ਵਿੱਚ ਰੰਧਾਵਾ ਨੇ ਮਜੀਠੀਆ ਨਾਲ ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਸੀ। ਅਕਾਲੀ ਦਲ ਇਸ ਮਾਮਲੇ ਨੂੰ ਰਾਜਪਾਲ ਕੋਲ ਵੀ ਲੈ ਕੇ ਗਿਆ ਹੈ। ਇਸ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਆਦੇਸ਼ ਦਿੱਤੇ ਸੀ ਪਰ ਅਕਾਲੀ ਦਲ ਨੇ ਇਹ ਜਾਂਚ ਰੱਦ ਕਰ ਦਿੱਤੀ ਸੀ।


ਅੱਜ ਕੈਪਟਨ ਨੇ ਅਕਾਲੀ ਦਲ ਖਿਲਾਫ ਸਖਤ ਸੰਕੇਤ ਦਿੰਦਿਆਂ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ। ਇਨ੍ਹਾਂ ਤਸਵੀਰਾਂ ਵਿੱਚ ਬਾਦਲ ਪਰਿਵਾਰ ਨਾਲ ਹਰਜਿੰਦਰ ਸਿੰਘ ਬਿੱਟੂ ਸਰਪੰਚ ਨਜ਼ਰ ਆ ਰਿਹਾ ਹੈ। ਪੁਲਿਸ ਮੁਤਾਬਕ ਬਿੱਟੂ ਖਿਲਾਫ ਕਈ ਕੇਸ ਦਰਜ ਹਨ। ਕੈਪਟਨ ਨੇ ਕਿਹਾ ਕਿ ਰੰਧਾਵਾ ਖਿਲਾਫ ਕੋਈ ਸਬੂਤ ਨਹੀਂ। ਅਕਾਲੀ ਲੀਡਰ ਆਪਣੇ ਆਪ ਨੂੰ ਬਚਾਉਣ ਲਈ ਦਬਾਅ ਦੀ ਰਾਜਨੀਤੀ ਖੇਡ ਰਹੇ ਹਨ।