Sri Muktsar Sahib News : ਪੰਜਾਬ 'ਚ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਦਿੰਦੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਭਲਾਈਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਇੱਕ ਪਿਕਅੱਪ ਗੱਡੀ ਜਗਾੜੂ ਰੇਹੜੀ ਨਾਲ ਟਕਰਾਉਣ ਤੋਂ ਬਾਅਦ ਕੰਧ ਨਾਲ ਟਕਰਾ ਗਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 10 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਨੇੜੇ ਮੰਡੀ ਲੱਖੇਵਾਲੀ ਵਿਖੇ ਅੱਜ ਸਵੇਰੇ 7 ਵਜੇ ਦੇ ਕਰੀਬ 11 ਵਿਅਕਤੀ ਪਿਕਅੱਪ ਗੱਡੀ ਰਾਹੀਂ ਲੱਖੇਵਾਲੀ ਤੋਂ ਬਠਿੰਡਾ ਵੱਲ ਜਾ ਰਹੇ ਸਨ। ਜਦੋਂ ਪਿਕਅਪ ਪਿੰਡ ਭਲਾਈਆਣਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਜਗਾੜੂ ਰੇਹੜੀ ਆ ਗਈ ਤੇ ਦੋਵਾਂ ਦੀ ਆਪਸ ਵਿਚ ਟੱਕਰ ਹੋ ਗਈ। ਜਗਾੜੂ ਰੇਹੜੀ ਨਾਲ ਟਕਰਾਉਣ ਤੋਂ ਬਾਅਦ ਪਿਕਅੱਪ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ।
ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾ. ਨਵਰੋਜ਼ ਨੇ ਦੱਸਿਆ ਕਿ ਅੱਜ ਸਵੇਰੇ ਹਾਦਸੇ 'ਚ ਜ਼ਖ਼ਮੀ ਹੋਏ 10 ਵਿਅਕਤੀਆਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ, ਜਿਨ੍ਹਾਂ 'ਚੋਂ 5 ਵਿਅਕਤੀਆਂ ਦੇ ਗੰਭੀਰ ਸੱਟਾਂ ਸਨ ਅਤੇ 5 ਲੋਕਾਂ ਦੇ ਹੱਥਾਂ-ਪੈਰਾਂ 'ਤੇ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।