Punjab News: ਪੰਜਾਬ ਦੀ ਨਰਮਾ ਪੱਟੀ ਵਿੱਚ ਇੱਕ ਵਾਰ ਮੁੜ ਤੋਂ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਾਅਦ ਮਹਿਕਮੇ ਦੀ ਨੀਂਦ ਉੱਡ ਗਈ ਹੈ। ਹਾਲਾਂਕਿ, ਗੁਲਾਬੀ ਸੁੰਡੀ ਦਾ ਹਮਲਾ ਮਾਰੂ ਪੜਾਅ ਤੋਂ ਹੇਠਾਂ ਹੈ ਪਰ ਕਿਸਾਨਾਂ ਨੇ ਕੀਟਨਾਸ਼ਕਾਂ ਦਾ ਛਿੜਕਾਅ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।


ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਅਤੇ ਕਪਾਹ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਕੋਈ ਸਹਾਇਤਾ ਨਹੀਂ ਦਿੱਤੀ ਜਾ ਰਹੀ ਹੈ। ਇਸ ਸਮੇਂ ਖੇਤੀਬਾੜੀ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨ ਵੀਰਾਂ ਦੇ ਹੋ ਰਹੇ ਨੁਕਸਾਨ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। 


ਬਾਦਲ ਨੇ ਕਿਹਾ ਕਿ ਪਿਛਲੇ ਸਾਲ ਵੀ ਕਿਸਾਨਾਂ ਨੂੰ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ ਅਤੇ ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ ਪੰਜਾਬ ਵਿੱਚ ਨਰਮੇ ਅਤੇ ਕਪਾਹ ਹੇਠ ਰਕਬਾ ਹੋਰ ਘਟ ਜਾਵੇਗਾ ਤੇ ਕਿਸਾਨੀ ਦਾ ਭਾਰੀ ਨੁਕਸਾਨ ਹੋਵੇਗਾ।






ਜ਼ਿਕਰ ਕਰ ਦਈਏ ਕਿ ਇਸ ਬਾਬਤ ਪੰਜਾਬ ਦੇ ਖੇਤੀ ਮਹਿਕਮੇ ਦਾ ਕਹਿਣਾ ਹੈ ਕਿ ਬੇਸ਼ੱਕ ਇਹ ਹਮਲਾ ਚਿੰਤਾ ਦਾ ਕਾਰਨ ਹੈ ਪ੍ਰੰਤੂ ਮਹਿਕਮਾ ਇਸ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਡਾਇਰੈਕਟਰ ਦੀ ਅਗਵਾਈ ਵਿੱਚ ਸੋਮਵਾਰ ਤੋਂ ਟੀਮਾਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੀਆਂ ਤਾਂ ਜੋ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਜਾ ਸਕੇ। ਉਹ ਕਿਸਾਨਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਸਲਾਹ ਦੇ ਸਕਦੇ ਹਨ।