ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਪੰਜਾਬ ਸਰਕਾਰ 'ਤੇ ਨੌਕਰੀ ਨਾ ਦੇਣ ਦੇ ਲਾਏ ਇਲਜ਼ਾਮ
ਹਾਕੀ ਖਿਡਾਰੀਆਂ ਨੇ ਕਿਹਾ ਕਿ ਦੇਸ਼ ਨੂੰ ਪਿਛਲੇ ਸਾਲ ਓਲੰਪਿਕ 'ਚ ਕਾਂਸੀ ਦੇ ਤਮਗੇ ਮਿਲੇ ਸਨ, ਜਿਸ ਕਾਰਨ ਪਿਛਲੀ ਕਾਂਗਰਸ ਦੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੀ.ਪੀ.ਐੱਸ. ਅਤੇ ਪੀ.ਸੀ.ਐੱਸ. ਦੀ ਪੋਸਟ 'ਤੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ।
ਜਲੰਧਰ: ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਪੰਜਾਬ ਸਰਕਾਰ 'ਤੇ ਇਲਜ਼ਾਮ ਲਾਏ ਹਨ ਕਿ ਸਰਕਾਰ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦੇ ਰਹੀ। ਹਾਕੀ ਖਿਡਾਰੀਆਂ ਨੇ ਕਿਹਾ ਕਿ ਦੇਸ਼ ਨੂੰ ਪਿਛਲੇ ਸਾਲ ਓਲੰਪਿਕ 'ਚ ਕਾਂਸੀ ਦੇ ਤਮਗੇ ਮਿਲੇ ਸਨ, ਜਿਸ ਕਾਰਨ ਪਿਛਲੀ ਕਾਂਗਰਸ ਦੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੀ.ਪੀ.ਐੱਸ. ਅਤੇ ਪੀ.ਸੀ.ਐੱਸ. ਦੀ ਪੋਸਟ 'ਤੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਜੋ 'ਆਪ' ਦੀ ਪੰਜਾਬ ਸਰਕਾਰ ਨੇ ਹੁਣ ਤੱਕ ਪੂਰਾ ਨਹੀਂ ਕੀਤਾ।
ਖਿਡਾਰੀਆਂ ਨੇ ਕਿਹਾ ਕਿ ਉਹ ਪੰਜਾਬ ਦੇ ਨਵੇਂ ਮੁੱਖ ਮੰਤਰੀ ਅਤੇ ਖੇਡ ਮੰਤਰੀ ਨੂੰ ਮਿਲ ਚੁੱਕੇ ਹਨ। ਪਰ ਅੱਜ ਤੱਕ ਸਰਕਾਰ ਉਨ੍ਹਾਂ ਲਈ ਕੁਝ ਨਹੀਂ ਕਰ ਰਹੀ। ਚਾਰ ਖਿਡਾਰੀਆਂ ਨੇ ਪੀਸੀਐਸ ਨੌਕਰੀਆਂ ਦੀ ਮੰਗ ਕੀਤੀ ਹੈ ਜਦੋਂ ਕਿ 5 ਖਿਡਾਰੀਆਂ ਨੇ ਪੀਪੀਐਸ ਨੌਕਰੀਆਂ ਦੀ ਮੰਗ ਕੀਤੀ ਹੈ।
ਲਗਭਗ 4 ਦਹਾਕਿਆਂ ਬਾਅਦ ਭਾਰਤੀ ਹਾਕੀ ਟੀਮ ਨੇ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਕਾਂਸੀ ਦਾ ਤਗਮਾ ਦਵਾਇਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਅਤੇ ਕਈ ਰਾਜਾਂ ਦੀਆਂ ਸਰਕਾਰਾਂ ਨੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਅਤੇ ਨੌਕਰੀਆਂ ਦਾ ਵਾਅਦਾ ਵੀ ਕੀਤਾ। ਪੰਜਾਬ ਸਰਕਾਰ ਦੀ ਗੱਲ ਕਰੀਏ ਤਾਂ ਪਿਛਲੀ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਉਸ ਤੋਂ ਬਾਅਦ ਚਰਨਜੀਤ ਚੰਨੀ ਨੇ ਉਨ੍ਹਾਂ ਨੂੰ ਆਫਰ ਲੈਟਰ ਜਾਰੀ ਕੀਤੇ ਸਨ। ਭਾਰਤੀ ਟੀਮ ਨੇ ਰਾਸ਼ਟਰ ਮੰਡਲ ਖੇਡਾਂ 'ਚ ਵੀ ਚਾਂਦੀ ਦਾ ਤਮਗਾ ਜਿੱਤਿਆ ਸੀ। ਪਰ ਮੰਦਭਾਗੀ ਗੱਲ ਇਹ ਹੈ ਕਿ ਜਿਨ੍ਹਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਨੂੰ ਕਾਂਸੀ ਦਾ ਤਗਮਾ ਦਿਵਾਇਆ, ਅੱਜ ਉਨ੍ਹਾਂ ਨੂੰ ਮੀਡੀਆ ਸਾਹਮਣੇ ਆਪਣਾ ਹੱਕ ਮੰਗਣਾ ਪੈ ਰਿਹਾ ਹੈ।
ਭਾਰਤੀ ਹਾਕੀ ਖਿਡਾਰੀਆਂ ਨੇ ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰੀਬ ਇੱਕ ਸਾਲ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਮਿਲੀ। ਹੁਣ ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਨੂੰ ਕਰੀਬ 5 ਤੋਂ 6 ਮਹੀਨੇ ਹੋ ਚੁੱਕੇ ਹਨ ਫਿਰ ਵੀ ਅਜੇ ਤੱਕ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਮਿਲੀਆਂ ਹਨ।
ਉਨ੍ਹਾਂ ਨੇ ਅੱਜ ਮੀਡੀਆ ਦੇ ਸਾਹਮਣੇ ਆ ਕੇ ਆਪਣੀ ਆਵਾਜ਼ ਬੁਲੰਦ ਕਰਦਿਆਂ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ। ਜਲਦੀ ਤੋਂ ਜਲਦੀ ਜੁਆਇਨਿੰਗ ਲੈਟਰ ਭੇਜ ਕੇ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਵਸਨੀਕ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਮੰਤਰੀਆਂ ਨਾਲ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਸਿਰਫ਼ ਆਫਰ ਲੈਟਰ ਹੀ ਦਿੱਤੇ ਗਏ ਹਨ। ਜਦਕਿ ਜੁਆਇਨਿੰਗ ਲੈਟਰ ਹੀ ਨਹੀਂ ਦਿੱਤੇ ਗਏ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਖਿਡਾਰੀਆਂ ਲਈ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਤਾਂ ਜੋ ਉਨ੍ਹਾਂ ਦਾ ਮਨੋਬਲ ਵਧੇ ਅਤੇ ਉਹ ਆਪਣੇ ਸੂਬੇ ਅਤੇ ਦੇਸ਼ ਲਈ ਬਿਹਤਰ ਖੇਡ ਸਕਣ।