ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਭਾਜਪਾ ਨੂੰ ‘ਮਿਸ਼ਨ 2024’ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਦੇਸ਼ ਵਿੱਚ 2024 ਵਿੱਚ ਹੀ ਲੋਕ ਸਭਾ ਚੋਣਾਂ ਹੋਣੀਆਂ ਹਨ। ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਹਨ। ਜਿਸ 'ਤੇ ਭਾਜਪਾ ਇਕੱਲੇ ਲੜੇਗੀ। ਪੀਐਮ ਮੋਦੀ ਨੇ ਇਸ ਸਬੰਧੀ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਬੂਥ ਵਰਕਰਾਂ ਨੂੰ ਕੇਂਦਰ ਦੇ ਚੰਗੇ ਕੰਮਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕਰਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਮੋਹਾਲੀ ਦੇ ਮੁੱਲਾਂਪੁਰ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਉਥੇ ਭਾਜਪਾ ਨੇਤਾਵਾਂ ਨਾਲ ਬੈਠਕ ਕੀਤੀ। ਇਸ ਦੌਰਾਨ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਤਰੁਣ ਚੁੱਘ, ਨਰਿੰਦਰ ਰੈਨਾ, ਅਵਿਨਾਸ਼ ਰਾਏ ਖੰਨਾ, ਡਾ: ਸੁਭਾਸ਼ ਸ਼ਰਮਾ, ਜੀਵਨ ਗੁਪਤਾ, ਸੁਨੀਲ ਜਾਖੜ, ਰਾਣਾ ਗੁਰਮੀਤ ਸੋਢੀ, ਫਤਿਹ ਜੰਗ ਬਾਜਵਾ, ਬਲਬੀਰ ਸਿੱਧੂ, ਕੇਵਲ ਢਿੱਲੋਂ ਅਤੇ ਡਾ: ਰਾਜਕੁਮਾਰ ਵੇਰਕਾ ਨੇ ਸ਼ਿਰਕਤ ਕੀਤੀ।