ਡੇਰਾ ਬਾਬਾ ਨਾਨਕ: ਸਿੱਖਾਂ ਦੀ ਅਰਦਾਸ ਸੁਣੀ ਗਈ ਹੈ, ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਹਨ।



ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ, ਜਿੱਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਦੇ ਗੁਰਦੁਆਰਾ ਬਰ ਸਾਹਿਬ 'ਚ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਸਤ ਕ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ ਅਤੇ ਫੇਰ ਡੇਰਾ ਬਾਬਾ ਨਾਨਕ ਪਹੁੰਚੇ।



ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਲਾਂਘਾ ਖੋਲ੍ਹਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੇਸ਼ ਨੂੰ ਸਮਰਪਿਤ ਕਰ ਰਿਹਾ ਹਾਂ।



ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਵੀ ਪਹਿਲੇ ਜੱਥੇ ਨਾਲ ਰਵਾਨਾ ਹੋ ਰਹੇ ਹਨ। ਦੱਸ ਦਈਏ ਕਿ ਵੀਰਵਾਰ ਨੂੰ, ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਹੋਣ ਵਾਲੇ ਪ੍ਰੋਗਰਾਮ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਸੀ।