Punjab News: ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੁਣ ਉੁਨ੍ਹਾਂ ਨੂੰ ਐਤਵਾਰ ਸਵੇਰੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਜਿਸ ਤੋਂ ਬਾਅਦ ਉੱਥੇ ਇਕੱਠੀ ਹੋਈ ਭੀੜ ਭੜਕ ਗਈ।


ਪੁਲਿਸ ਨੇ ਫੈਕਟਰੀ ਵੱਲ ਜਾ ਰਹੇ ਲੋਕਾਂ ਨੂੰ ਰੋਕ ਲਿਆ ਹੈ। ਪੁਲਿਸ ਫ਼ੈਕਟਰੀ ਦੇ ਸਾਹਮਣੇ ਲੱਗੇ ਧਰਨੇ ਨੂੰ ਹਟਾਉਣ ਜਾ ਰਹੀ ਹੈ। ਪੁਲਿਸ ਨੇ ਉਥੋਂ ਸਾਰਾ ਸਮਾਨ ਹਟਾ ਲਿਆ ਹੈ। ਉਨ੍ਹਾਂ ਦੇ ਟੈਂਟ ਵੀ ਉਖਾੜ ਦਿੱਤੇ ਗਏ ਹਨ।


ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਨੇ 17 ਦਸੰਬਰ ਨੂੰ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਸਨ। ਜਿਸ ਕਾਰਨ ਇੱਥੇ ਪੂਰੀ ਰਾਤ ਲਾਈਟਾਂ ਬੰਦ ਰਹੀਆਂ। ਤਾਂ ਜੋ ਪੁਲਿਸ ਮੌਕਾ ਮਿਲਣ 'ਤੇ ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲੈ ਸਕੇ।


ਧਰਨਾਕਾਰੀ ਔਰਤਾਂ ਸਮੇਤ ਸਮੂਹ ਪਿੰਡ ਵਾਸੀ ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਰਹੇ। ਪ੍ਰਦਰਸ਼ਨਕਾਰੀਆਂ ਨੇ ਧਮਕੀ ਦਿੱਤੀ ਹੈ ਕਿ ਜੇ ਪੁਲਿਸ ਨੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਉਹ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ-54 ਜਾਮ ਕਰ ਦੇਣਗੇ।


ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀ ਨੈਸ਼ਨਲ ਹਾਈਵੇ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਇਸ ਮੌਕੇ ਨੈਸ਼ਨਲ ਹਾਈਵੇਅ ਜਾਮ ਕਰਨ ਲਈ ਅੱਗੇ ਵਧ ਰਹੀਆਂ ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।


ਸ਼ਰਾਬ ਫੈਕਟਰੀ ਖਿਲਾਫ਼ ਡਟੇ ਕਿਸਾਨਾਂ 'ਤੇ ਸਖ਼ਤੀ


ਪਿੰਡ ਮਨਸੂਰਵਾਲ ਕਲਾਂ ਵਿੱਚ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੇ ਮੁਜ਼ਾਹਰਾਕਾਰੀ ਕਿਸਾਨਾਂ ਖਿਲਾਫ਼ ਸਖ਼ਤੀ ਵਰਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 20 ਦਸੰਬਰ ਨੂੰ ਹੋਣ ਵਾਲੀ ਪੇਸ਼ੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਫ਼ੇਲ੍ਹ ਹੋਣ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। 


 ਇਹ ਕੇਸ ਸ਼ਨੀਵਾਰ ਦੇਰ ਸ਼ਾਮ ਥਾਣਾ ਸਦਰ ਜ਼ੀਰਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੀਤਾ ਗਿਆ। ਉਨ੍ਹਾਂ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਦੇਰ ਸ਼ਾਮ ਮਾਲਬਰੋਜ਼ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ਨੂੰ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਤਿੰਨ ਸੌ ਮੀਟਰ ਪਿਛਾਂਹ ਕਰਵਾਉਣ ਵਾਸਤੇ ਆਪਣੀ ਟੀਮ ਨਾਲ ਜਾ ਰਹੇ ਸਨ ਪਰ ਧਰਨੇ ਤੋਂ ਕੁਝ ਮੀਟਰ ਦੀ ਦੂਰੀ ’ਤੇ 100 ਤੋਂ ਵੱਧ ਹਥਿਆਰਬੰਦ ਧਰਨਾਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਜਬਰੀ ਰੋਕ ਦਿੱਤੀਆਂ ਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ।