ਫ਼ਰੀਦਕੋਟ: ਪੁਲਿਸ ਨੇ ਦੋ ਖਾਲਿਸਤਾਨੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਫ਼ਰੀਦਕੋਟ ਨੇ ਲੰਘੀ ਸ਼ਾਮ ਪ੍ਰੈੱਸ ਕਾਨਫ਼ਰੰਸ ਕਰਕੇ ਦਾਅਵਾ ਕੀਤਾ ਕਿ ਪੁਲਿਸ ਨੇ ਦੋ ਸੜਕ ਹਾਦਸਿਆਂ ਮਗਰੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ ਲਿਆਂਦਾ ਸੀ। ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਫੜੇ ਗਏ ਸੰਦੀਪ ਸਿੰਘ ਤੇ ਅਮਰ ਸਿੰਘ ਸਰਗਰਮ ਖਾਲਿਸਤਾਨੀ ਹਨ। ਪੁਲਿਸ ਨੇ ਉਨ੍ਹਾਂ ਕੋਲੋਂ 32 ਬੋਰ ਦੇ ਦੋ ਪਿਸਤੌਲ ਤੇ 40 ਕਾਰਤੂਸ ਬਰਾਮਦ ਕੀਤੇ ਹਨ।   ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ (26) ਵਾਸੀ ਬੰਗੀ ਨਿਹਾਲ, ਜ਼ਿਲ੍ਹਾ ਬਠਿੰਡਾ ਤੇ ਅਮਰ ਸਿੰਘ (48) ਪਿੰਡ ਚੱਠਾ ਕਥਿਤ ਤੌਰ ’ਤੇ ਖਾਲਿਸਤਾਨ ਜ਼ਿੰਦਾਬਾਦ ਗਰੁੱਪ ਦੇ ਮੈਂਬਰ ਹਨ, ਜਿਨ੍ਹਾਂ ਦਾ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨਾਲ ਰਾਬਤਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਗੁਰਜੰਟ ਸਿੰਘ ਨਾਮੀ ਵਿਅਕਤੀ ਵੱਲੋਂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਚਲਾਈ ਜਾ ਰਹੀ ਹੈ, ਜੋ ਜਨਵਰੀ ਤੇ ਅਕਤੂਬਰ 2016 ਵਿੱਚ ਪੰਜਾਬ ’ਚ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਹੈ। ਪੁਲਿਸ ਨੇ ਦੋਵਾਂ ਖਿਲਾਫ਼ ਦਹਿਸ਼ਤੀ ਸਰਗਰਮੀਆਂ ਰੋਕੂ ਐਕਟ ਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਹ ਗਰੁੱਪ ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਫਿਰਕੂ ਤਣਾਅ ਪੈਦਾ ਕਰਨ ਲਈ ਸਰਗਰਮ ਸੀ। ਪੁਲਿਸ ਨੇ ਆਪਣੇ ਲਿਖਤੀ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵਿਦੇਸ਼ਾਂ ’ਚ ਬੈਠੀਆਂ ਜਥੇਬੰਦੀਆਂ ਵੱਲੋਂ ਹਥਿਆਰ ਮੁਹੱਈਆ ਕਰਵਾਏ ਜਾ ਰਹੇ ਹਨ। ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ।