Punjab Police: ਤਰਨਤਾਰਨ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਤਰਨਤਾਰਨ ਪੁਲਿਸ ਦੀ ਇੱਕ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਘਟਨਾ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਹੈ ਤੇ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਮੁਲਜ਼ਮਾਂ ਦਾ ਲੰਡਾ ਨਾਲ ਕੀ ਸਬੰਧ ਸੀ ਅਤੇ ਉਨ੍ਹਾਂ ਨੂੰ ਹਥਿਆਰ ਕਿਸਨੇ ਪ੍ਰਦਾਨ ਕੀਤੇ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (Gaurav yadav) ਨੇ ਜਾਣਕਾਰੀ ਦਿੱਤੀ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ (ਏਜੀਟੀਐਫ) ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ, ਅੱਤਵਾਦੀ ਲੰਡਾ ਹਰੀਕੇ ਤੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਦੋ ਮੁੱਖ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਯੁਵਰਾਜ ਉਰਫ਼ ਜੱਗੂ ਤੇ ਮਹਿਕਪ੍ਰੀਤ ਉਰਫ਼ ਮਹਿਕ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਕੀਤੀ ਗਈ।
ਡੀਜੀਪੀ ਯਾਦਵ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਅਪਰਾਧ ਵਾਲੀ ਥਾਂ ਤੋਂ ਮੁਲਜ਼ਮਾਂ ਤੋਂ ਇੱਕ ਗਲਾਕ 9mm ਤੇ ਇੱਕ PX30 .30 ਕੈਲੀਬਰ ਪਿਸਤੌਲ ਬਰਾਮਦ ਕੀਤਾ। ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਦੋਵੇਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਦੋਵਾਂ ਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨੀ ਸੀ।