ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੁਲਿਸ ਨੇ ਉਸ ਦੇ ਕਾਲਜ ਵਿੱਚ ਲਿਜਾ ਕੇ ਤਫਤੀਸ਼ ਕੀਤੀ। ਹਾਲਾਂਕਿ, ਪੁਲਿਸ ਇਸ ਨੂੰ ਕੇਸ ਦੀ ਪੜਤਾਲ ਦਾ ਹਿੱਸਾ ਹੀ ਦੱਸ ਰਹੀ ਹੈ, ਪਰ ਕਾਲਜ ਲਿਜਾ ਕੇ ਤਫਤੀਸ਼ ਕਰਨ ਦਾ ਅਸਲ ਕਾਰਨ ਪੁਲਿਸ ਨੇ ਮੀਡੀਆ ਨੂੰ ਨਹੀਂ ਦੱਸਿਆ।


ਬਲਾਤਕਾਰ ਪੀੜਤਾ ਨੇ ਪੁਲਿਸ ਨੂੰ ਬਿਆਨ ਦਿੱਤੇ ਸਨ ਕਿ ਉਹ ਲੰਗਾਹ ਦੇ ਕਹਿਣ 'ਤੇ ਹੀ ਉਸ ਦੇ ਕਾਲਜ ਗਈ ਸੀ।

ਗੁਰਦਾਸਪੁਰ ਪੁਲਿਸ ਦੇ ਡੀ.ਐਸ.ਪੀ. ਗੁਰਬਖ਼ਸ਼ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੁੱਚਾ ਸਿੰਘ ਲੰਗਾਹ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੈ। ਹਿਰਾਸਤ ਦੌਰਾਨ ਉਸ ਨੂੰ ਵੀ ਉਹੀ ਖਾਣਾ ਦਿੱਤਾ ਜਾ ਰਿਹਾ ਹੈ ਜੋ ਥਾਣੇ ਵਿੱਚ ਹੋਰਨਾਂ ਹਵਾਲਾਤੀਆਂ ਜਾਂ ਮੁਲਾਜ਼ਮ ਖਾਂਦੇ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਗੁਰਦਾਸਪੁਰ ਪੁਲਿਸ ਨੇ ਉਸ ਵਿਰੁੱਧ ਧਾਰਮਿਕ ਜਥੇਬੰਦੀਆਂ ਦੀ ਸ਼ਿਕਾਇਤ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਜਥੇਬੰਦੀਆਂ ਵੱਲੋਂ ਸ਼ਿਕਾਇਤ ਵਿੱਚ ਲੰਗਾਹ 'ਤੇ ਸਿੱਖੀ ਕਕਾਰਾਂ ਦੀ ਬੇਅਦਬੀ ਕਰਨ ਦੇ ਇਲਜ਼ਾਮ ਲਾਏ ਹਨ। ਸਾਬਕਾ ਮੰਤਰੀ ਵੱਲੋਂ ਕਿਰਪਾਨ ਦੀ ਬੇਅਦਬੀ ਕਰਨ ਦੀ ਗੱਲ ਕਹੀ ਗਈ ਹੈ। ਸ਼ਿਕਾਇਤ ਮੁਤਾਬਕ ਲੰਗਾਹ ਨੇ ਕਿਸੇ ਪਰਾਈ ਔਰਤ ਨਾਲ ਰਿਸ਼ਤਾ ਬਣਾ ਕੇ ਸਿੱਖ ਮਰਿਆਦਾ ਤੋਂ ਉਲਟ ਕੰਮ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਬੀਤੀ 29 ਸਤੰਬਰ ਨੂੰ ਗੁਰਦਾਸਪੁਰ ਦੀ ਇੱਕ ਔਰਤ ਵੱਲੋਂ 8 ਸਾਲ ਤੋਂ ਬਲਾਤਕਾਰ ਕਰਦੇ ਆ ਰਹਿਣ ਦਾ ਇਲਜ਼ਾਮ ਲਾ ਕੇ ਮਾਮਲਾ ਦਰਜ ਕਰਵਾਇਆ ਸੀ। ਪੀੜਤ ਔਰਤ ਨੇ ਪੁਲਿਸ ਨੂੰ ਸਬੂਤ ਵਜੋਂ ਇੱਕ ਵੀਡੀਓ ਵੀ ਦਿੱਤੀ ਸੀ। ਉਹੀ ਵੀਡੀਓ ਹੋਣ ਦਾ ਦਾਅਵਾ ਕਰ ਕੇ ਸੁੱਚਾ ਸਿੰਘ ਲੰਗਾਹ ਦੇ ਨਾਂ ਤੋਂ ਇੱਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਹਾਲੇ ਵੀ ਵਾਇਰਲ ਹੋ ਰਹੀ ਹੈ।

ਗੁਰਦਾਸਪੁਰ ਦੇ ਇੱਕ ਪਿੰਡ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 2008 ਵਿੱਚ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ। ਤਰਸ ਦੇ ਆਧਾਰ ‘ਤੇ ਆਪਣੇ ਪਤੀ ਵਾਲੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਮੰਤਵ ਨਾਲ ਪੀੜਤਾ ਆਪਣੇ ਇਲਾਕੇ ਦੇ ਤਤਕਾਲੀ ਮੰਤਰੀ ਨੂੰ ਸਾਲ 2009 ਵਿੱਚ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮਿਲੀ ਸੀ। ਪੀੜਤਾ ਮੁਤਾਬਕ ਨੌਕਰੀ ਦੀ ਜ਼ਰੂਰਤ ਤੇ ਮੰਤਰੀ ਦੇ ਅਸਰ ਰਸੂਖ਼ ਕਾਰਨ ਉਹ ਬੇਵੱਸ ਹੋ ਗਈ ਤੇ ਮੰਤਰੀ ਨੇ ਉਸ ਨਾਲ ਬਲਾਤਕਾਰ ਕੀਤਾ।

ਪੀੜਤਾ ਨੇ ਸ਼ਿਕਾਇਤ ਵਿੱਚ ਸੁੱਚਾ ਸਿੰਘ ਲੰਗਾਹ ‘ਤੇ ਡਰਾ-ਧਮਕਾ ਕੇ ਤੇ ਬਲੈਕਮੇਲ ਕਰਕੇ ਉਸ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਸਨ। ਪੀੜਤਾ ਨੇ ਲੰਗਾਹ ‘ਤੇ ਉਸ ਦੀ ਜ਼ਮੀਨ ਵਿਕਵਾ ਦੇਣ ਤੇ ਉਸ ਦੇ ਪੈਸੇ ਹੜੱਪਣ ਦੇ ਇਲਜ਼ਾਮ ਵੀ ਲਾਏ ਸਨ।