ਅੰਮ੍ਰਿਤਸਰ: ਅਟਾਰੀ ਬਾਰਡਰ ਤੋਂ ਕਸਟਮ ਵਿਭਾਗ ਵੱਲੋਂ ਜ਼ਬਤ ਕੀਤੀ ਗਈ 532 ਕਿੱਲੋ ਹੈਰੋਇਨ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਰਣਜੀਤ ਸਿੰਘ ਰਾਣਾ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਸਮੱਗਲਿੰਗ ਦੇ ਕੇਸ 'ਚ ਨਾਮਜ਼ਦ ਕੀਤਾ ਗਿਆ ਹੈ। ਕਸਟਮ ਵਿਭਾਗ ਤੋਂ ਬਾਅਦ ਹੁਣ ਪੁਲਿਸ ਨੇ ਵੀ ਇਸ ਦੇ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।


ਜਾਣਕਾਰੀ ਮੁਤਾਬਕ ਕਸਟਮ ਵੱਲੋਂ ਜਿਹੜੀ ਜਾਂਚ ਕੀਤੀ ਜਾ ਰਹੀ ਸੀ, ਉਸ ਵਿੱਚ ਪਾਕਿਸਤਾਨ ਦੇ ਰਹਿਣ ਵਾਲੇ ਕਿਸੇ ਵਿਅਕਤੀ ਦੇ ਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ ਪਰ ਪੁਲਿਸ ਨੇ ਜੋ ਐਫਆਈਆਰ ਦਰਜ ਕੀਤੀ ਹੈ, ਉਸ ਵਿੱਚ ਪਾਕਿਸਤਾਨ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।

ਹਾਲਾਂਕਿ ਅੰਮ੍ਰਿਤਸਰ ਪੁਲਿਸ ਦੀ ਜਾਂਚ ਲਗਾਤਾਰ ਅੱਗੇ ਵਧ ਰਹੀ ਹੈ ਤੇ ਪੁਲਿਸ ਨੇ ਗੁਰਪਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ ਤੇ ਉਸ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹੰਦਵਾੜਾ ਦੇ ਰਹਿਣ ਵਾਲੇ ਤਾਰੇ ਅਹਿਮਦ ਨੂੰ ਵੀ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਦੱਸਿਆ ਕਿ ਇਸ ਕੇਸ ਦੀਆਂ ਕਈ ਮਹੱਤਵਪੂਰਨ ਕੜੀਆਂ ਹਨ, ਜਿਸ ਨੂੰ ਆਪਸ ਵਿੱਚ ਜੋੜਿਆ ਜਾ ਰਿਹਾ ਹੈ। ਉਨ੍ਹਾਂ ਹੀ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂ ਪ੍ਰੋਡਕਸ਼ਨ ਵਾਰੰਟ ਦੌਰਾਨ ਸਾਹਮਣੇ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਛੇਤੀ ਹੀ ਹੋਰ ਖੁਲਾਸੇ ਹੋਣਗੇ।