Punjab News: ਪੰਜਾਬ ਪੁਲਿਸ ਤੇ ਖ਼ਾਸ ਕਰਕੇ ਕੌਮੀ ਜਾਂਚ ਏਜੰਸੀ ਪੰਜਾਬ ਵਿੱਚ ਗੈਂਗਸਟਰਾਂ ਤੇ ਖਾਲਿਸਤਾਨੀ ਸਮਰਥਕਾਂ ਦੇ ਸਾਥੀਆਂ ਦੇ ਘਰਾਂ ਉੱਤੇ ਛਾਪੇਮਾਰੀ ਕਰ ਰਹੀ ਹੈ। ਇਸ ਲੜੀ ਦੇ ਤਹਿਤ ਗੈਂਗਸਟਰ ਲਖਬੀਰ ਲੰਡਾ ਦੇ ਸ਼ੱਕੀ 48 ਸਾਥੀਆਂ ਦੇ ਟਿਕਾਣਿਆਂ ਉੱਤੇ ਪੰਜਾਬ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜ਼ਿਕਰ ਕਰ ਦਈਏ ਕਿ ਪੰਜਾਬ ਪੁਲਿਸ ਨੇ ਇਹ ਕਾਰਵਾਈ ਫਿਰੋਜ਼ਪੁਰ ਜ਼ਿਲ੍ਹੇ ਵਿੱਚ 48 ਥਾਵਾਂ ਉੱਤੇ ਛਾਪੇਮਾਰੀ ਕਰਕੇ ਕੀਤੀ ਹੈ। ਇਸ ਵਿੱਚ ਖ਼ਾਸ ਤੌਰ ਉੱਤੇ ਜ਼ੀਰਾ, ਮਖੂ ਹਨ ਤੇ ਇਸ ਤੋਂ ਇਲਾਵਾ ਵੀ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ ਹੈ।


ਇਹ ਵੀ ਦੱਸ ਦਈਏ ਕਿ ਬੀਤੇ ਦਿਨੀਂ ਜ਼ੀਰਾ ਦੇ ਇੱਕ ਕਰਿਆਨੇ ਦੀ ਦੁਕਾਨ ਕਰਨ ਵਾਲੇ ਨੂੰ ਲਖਬੀਰ ਸਿੰਘ ਲੰਡਾ ਦੇ ਨਾਂਅ ਉੱਤੇ ਫਿਰੌਤੀ ਦਾ ਫੋਨ ਕਰਕੇ ਧਮਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਸ ਦੁਕਾਨਦਾਰ ਉੱਤੇ ਦੋ ਨਕਾਬਪੋਸ਼ਾਂ ਵੱਲੋਂ ਗੋਲੀ ਵੀ ਚਲਾਈ ਗਈ ਸੀ। ਇਹ ਇਕੱਲਾ ਮਾਮਲਾ ਨਹੀਂ ਹੈ ਇਸ ਤੋਂ ਇਲਾਵਾ ਵੀ ਕਈ ਮਾਮਲਿਆਂ ਵਿੱਚ ਲਖਬੀਰ ਲੰਡਾ ਦਾ ਨਾਂਅ ਸਾਹਮਣੇ ਆ ਚੁੱਕਿਆ ਹੈ। ਇਸ ਰੇਡ ਬਾਰੇ ਐਸਪੀਡੀ ਫਿਰੋਜ਼ਪੁਰ ਨੇ ਕਿਹਾ ਕਿ ਐਸਐਪੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਲਖਬੀਰ ਲੰਡਾ ਦੇ 48 ਸ਼ੱਕੀ ਸਾਥੀਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਗਈ ਹੈ।


ਜ਼ਿਕਰ ਕਰ ਦਈਏ ਕਿ ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਇਲਜ਼ਾਮ ਲੱਗਣ ਤੋਂ ਬਾਅਦ ਭਾਰਤ ਵਿੱਚ ਕੌਮੀ ਜਾਂਚ ਏਜੰਸੀ ਨੇ ਗੈਂਗਸਟਰਾਂ ਤੇ ਖਾਲਿਸਤਾਨੀ ਸਮਰਥਕਾਂ ਉੱਤੇ ਸ਼ਿੰਕਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਟਿਕਾਣਿਆਂ ਉੱਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।


ਦੱਸ ਦਈਏ ਕਿ ਐਨਆਈਏ ਨੇ ਵਿਦੇਸ਼ ਭੱਜ ਚੁੱਕੇ ਗੈਂਗਸਟਰਾਂ ਦੇ ਸਾਥੀਆਂ ਦੀ ਵੀ ਇੱਕ ਸੂਚੀ ਤਿਆਰ ਕਰ ਲਈ ਹੈ ਜਿਨ੍ਹਾਂ ਨੇ ਉਨ੍ਹਾਂ ਦੀ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਦੀ ਵੀ ਲਿਸਟ ਤਿਆਰ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਜਾਅਲੀ ਪਾਸਪੋਰਟ ਬਣਾ ਕੇ ਇਨ੍ਹਾਂ ਦੀ ਮਦਦ ਕੀਤੀ ਸੀ, ਭਾਂਵੇ ਉਹ ਲੋਕ ਇਮੀਗ੍ਰੇਸ਼ਨ ਨਾਲ ਜੁੜੇ ਹੋਣ ਤਾਂ ਕਿਸੇ ਹੋਰ ਵਿਭਾਗ ਨਾਲ, ਇਨ੍ਹਾਂ ਸਾਰਿਆਂ ਉੱਤੇ ਕਾਰਵਾਈ ਕਰਨ ਲਈ ਐਨਆਈਏ ਨੇ ਤਿਆਰੀਆਂ ਕਰ ਲਈਆਂ ਹਨ।  ਇਸ ਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਏਜੰਸੀ ਵੱਲੋਂ ਵਿਦੇਸ ਭੱਜ ਚੁੱਕੇ ਗੈਂਗਸਟਰਾਂ ਤੇ ਅੱਤਵਾਦੀਆਂ ਨੂੰ ਡਿਪੋਰਟ ਕਰਵਾਉਣ ਦੀ ਪ੍ਰਕੀਰਿਆ ਵੀ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਇਨ੍ਹਾਂ ਦੀਆਂ ਫੋਟੋਆਂ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ।