ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਕੱਲ੍ਹ ਸ਼ਾਮ ਇਸ ਸ਼ਖਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਮਗਰੋਂ ਐਸਜੀਪੀਸੀ ਟਾਸਕ ਫੋਰਸ ਨੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਤੇ ਗੁੱਸੇ ਵਿੱਚ ਆਏ ਲੋਕਾਂ ਨੇ ਉਸ ਨੂੰ ਕੁੱਟ-ਕੁੱਟ ਮਾਰ ਦਿੱਤਾ।


 




 


ਫਿਲਹਾਲ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਹੈ, ਜਿਸ ਤੋਂ ਦੋ ਦਿਨਾਂ ਅੰਦਰ ਰਿਪੋਰਟ ਮੰਗੀ ਗਈ ਹੈ। ਉਧਰ ਅੱਜ ਕਪੂਰਥਲਾ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਵੀ ਮੌਕੇ 'ਤੇ ਕਾਬੂ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।


ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਡੀਸੀਪੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ SIT ਦੋ ਦਿਨਾਂ ਵਿੱਚ ਜਾਂਚ ਰਿਪੋਰਟ ਪੇਸ਼ ਕਰੇਗੀ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਪੁਲਿਸ ਇਸ ਦੀ ਤਹਿ ਤੱਕ ਜਾਂਚ ਕਰੇਗੀ। ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਘਟਨਾ ਦੇ ਹਰ ਪਹਿਲੂ ਦੀ ਜਾਣਕਾਰੀ ਹਾਸਲ ਕਰਨਗੇ।


ਮੁੱਢਲੀ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸਵੇਰੇ 11:30 ਵਜੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖ਼ਲ ਹੋਇਆ ਅਤੇ ਉਹ ਪਵਿੱਤਰ ਅਸਥਾਨ ਦੀ ਪਰਿਕਰਮਾ ਵਿੱਚ ਰੁਕਿਆ ਹੋਇਆ ਸੀ।


ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਨਾਲ ਲੱਗਦੇ ਬਾਜ਼ਾਰਾਂ ਦੀਆਂ ਸੀਸੀਟੀਵੀ ਫੁਟੇਜਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਕਿਸ ਰਸਤੇ ਤੋਂ ਆਇਆ ਸੀ ਅਤੇ ਕੀ ਉਸ ਦੇ ਨਾਲ ਕੋਈ ਸੀ।