Sangrur News: ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਨੇ ਧੱਕਾ-ਮੁੱਕੀ ਕੀਤੀ ਹੈ। ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ। 


ਦੱਸ ਦਈਏ ਕਿ ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਸਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਕੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ।


ਉਧਰ, ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।


ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਤਨਖਾਹ ਵਧਾਈ ਜਾਵੇਗੀ। ਉਹ ਲੰਬੇ ਸਮੇਂ ਤੋਂ ਥੋੜ੍ਹੀ ਜਿਹੀ ਤਨਖਾਹ ਉੱਪਰ ਕੰਮ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ।


ਰੋਡਵੇਜ਼ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ


‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 


ਦੱਸ ਦਈਏ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ। ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ। ਸਰਕਾਰੀ ਬੱਸਾਂ ਦੇ ਚੱਕੇ ਜਾਮ ਕਾਰਨ ਪ੍ਰਾਈਵੇਟ ਬੱਸਾਂ ਵਾਲ਼ਿਆਂ ਦੀ ਚਾਂਦੀ ਬਣੀ ਹੋਈ ਹੈ।