Moosewala murder case: ਆਪ ਸਰਕਾਰ ਦੀ ਅਗਵਾਈ 'ਚ ਪੁਲਿਸ ਮੂਸੇਵਾਲਾ ਕਤਲ ਕੇਸ ਦੀ ਸਹੀ ਢੰਗ ਨਾਲ ਜਾਂਚ ਕਰਨ 'ਚ ਅਸਫਲ: ਬਾਜਵਾ
Moosewala Case: ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਸਾਜਿਸ਼ ਰਚਣ ਵਾਲੇ ਦੋ ਗੈਂਗਸਟਰਾਂ ਵੱਲੋਂ ਮਾਨਸਾ ਦੀ ਅਦਾਲਤ ਵਿੱਚ ਬਰੀ ਕਰਨ ਦੀਆਂ ਅਰਜ਼ੀਆਂ ਦਾਇਰ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ
ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਸਾਜਿਸ਼ ਰਚਣ ਵਾਲੇ ਦੋ ਗੈਂਗਸਟਰਾਂ ਵੱਲੋਂ ਮਾਨਸਾ ਦੀ ਅਦਾਲਤ ਵਿੱਚ ਬਰੀ ਕਰਨ ਦੀਆਂ ਅਰਜ਼ੀਆਂ ਦਾਇਰ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ।
ਬਾਜਵਾ ਨੇ ਇਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੋ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਮੰਗਲਵਾਰ ਨੂੰ ਮਾਨਸਾ ਦੀ ਅਦਾਲਤ ਵਿਚ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚੋਂ ਬਰੀ ਕਰਨ ਲਈ ਅਰਜ਼ੀਆਂ ਦਾਇਰ ਕੀਤੀਆਂ ਸਨ। ਦੋਵਾਂ ਨੇ ਇਸ ਮਾਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਇਹ ਅਰਜ਼ੀਆਂ ਦਾਇਰ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਜੋ ਸਿੱਧੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਦੇ ਅਧੀਨ ਆਉਂਦੀ ਹੈ, ਇਨ੍ਹਾਂ ਗੈਂਗਸਟਰਾਂ ਵਿਰੁੱਧ ਠੋਸ ਸਬੂਤ ਇਕੱਠੇ ਕਰਨ ਵਿੱਚ ਅਸਫਲ ਜਾਪਦੀ ਹੈ। ਬਾਜਵਾ ਨੇ ਕਿਹਾ ਕਿ ਸਪੱਸ਼ਟ ਤੌਰ 'ਤੇ ਪੁਲਿਸ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਕਰਨ ਵਿੱਚ ਅਸਫਲ ਰਹੀ, ਹਾਲਾਂਕਿ ਬਿਸ਼ਨੋਈ ਨੇ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਹਿਲਾਂ ਹੀ ਖਦਸ਼ਾ ਜ਼ਾਹਰ ਕਰ ਚੁੱਕੇ ਹਨ ਕਿ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਸਬੂਤਾਂ ਨੂੰ ਮਿਟਾਇਆ ਜਾ ਰਿਹਾ ਹੈ। ਕਤਲ ਦੇ 18 ਮਹੀਨੇ ਤੋਂ ਵੱਧ ਸਮੇਂ ਬਾਅਦ ਵੀ ਮਾਰੇ ਗਏ ਪੰਜਾਬੀ ਗਾਇਕ ਮੂਸੇਵਾਲਾ ਦਾ ਪਰਿਵਾਰ ਇਨਸਾਫ ਲੈਣ ਲਈ ਭਟਕ ਰਿਹਾ ਹੈ।
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਰਚ 2023 ਵਿੱਚ ਦੋ ਵਾਰ ਇੱਕ ਨਿੱਜੀ ਨਿਊਜ਼ ਚੈਨਲ 'ਤੇ ਵੀ ਨਜ਼ਰ ਆਇਆ ਸੀ। ਉਸ ਨੇ ਮੂਸੇਵਾਲਾ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ। ਪੰਜਾਬ ਦੀ 'ਆਪ' ਸਰਕਾਰ ਨੂੰ ਅਜੇ ਵੀ ਕੋਈ ਸੁਰਾਗ ਨਹੀਂ ਹੈ ਕਿ ਇੰਟਰਵਿਊ ਪ੍ਰਕਿਰਿਆ ਵਿਚ ਗੈਂਗਸਟਰਾਂ ਦੀ ਮਦਦ ਕਰਨ ਲਈ ਕੌਣ ਜ਼ਿੰਮੇਵਾਰ ਸੀ। ਬਾਜਵਾ ਨੇ ਕਿਹਾ ਕਿ 9 ਮਹੀਨੇ ਬਾਅਦ ਵੀ 'ਆਪ' ਦੀ ਸਰਕਾਰ ਇਸ ਮਾਮਲੇ ਦੀ ਜਾਂਚ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 'ਆਪ' ਸਰਕਾਰ ਨੇ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਹਟਾ ਦਿੱਤੀ ਅਤੇ ਫਿਰ ਮੁੱਖ ਮੰਤਰੀ ਮਾਨ ਦੇ ਮੀਡੀਆ ਮੁਖੀ ਬਲਤੇਜ ਪੰਨੂੰ ਨੇ ਉਹੀ ਜਾਣਕਾਰੀ ਲੀਕ ਕਰ ਦਿੱਤੀ, ਜਿਸ ਨਾਲ ਗਾਇਕ ਅਪਰਾਧੀਆਂ ਦਾ ਸ਼ਿਕਾਰ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਨੂੰ ਖਿਲਾਫ ਗੁਪਤ ਜਾਣਕਾਰੀ ਲੀਕ ਕਰਨ ਲਈ ਐਫਆਈਆਰ ਵੀ ਦਰਜ ਨਹੀਂ ਕਰਵਾਈ ਹੈ। ਪੰਨੂੰ ਵੱਲੋਂ ਲੀਕ ਕੀਤੀ ਗਈ ਜਾਣਕਾਰੀ ਮੂਸੇਵਾਲਾ ਕਤਲ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਸੀ।