ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਇੱਕ ਪਾਸੇ ਕਾਂਗਰਸ ਇਸ ਨੂੰ ਸ਼੍ਰੋਮਣੀ ਅਕਾਲੀ ਤੇ ਬੀਜੇਪੀ ਦੀ ਚੋਣ ਕਮਿਸ਼ਨ ਨਾਲ ਮਿਲੀਭੁਗਤ ਕਰਾਰ ਦੇ ਰਹੀ ਹੈ ਪਰ ਦੂਜੇ ਪਾਸੇ ਆਮ ਆਦਮੀ ਪਾਰਟੀ ਤੇ ਹੋਰ ਵਿਰੋਧੀ ਧਿਰਾਂ ਇਸ ਨੂੰ ਕਾਂਗਰਸ-ਅਕਾਲ ਦਲ ਦੀ ਸਾਂਝੀ ਖੇਡ ਕਰਾਰ ਦੇ ਰਹੀਆਂ ਹਨ।

ਉਧਰ ਕਾਂਗਰਸ ਨੇ ਅੱਜ ਇਸ ਫੈਸਲੇ ਨੂੰ ਬਦਲਣ ਲਈ ਚੋਣ ਕਮਿਸ਼ਨ ਕੋਲ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਏਗਾ। ਇਸ ਦਾ ਵਿਰੋਧ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਲਾਂਭੇ ਕਰਨਾ ਸਹੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਆਈਜੀ ਦੀ ਕਾਰਗੁਜ਼ਾਰੀ ਦਾ ਸਭ ਨੂੰ ਪਤਾ ਹੈ। ਉਹ ਕਾਂਗਰਸ ਦੇ ਵਰਕਰ ਵਾਂਗ ਕੰਮ ਕਰ ਰਹੇ ਸਨ।

ਇਸ ਸਿਆਸੀ ਅਖਾੜੇ ਵਿੱਚ ਨਿੱਤਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕਾਂਗਰਸ ਤੇ ਅਕਾਲੀ ਦਲ ਮਿਲੇ ਹੋਏ ਹਨ। ਇਹ ਸਭ ਮਿਲ ਕੇ ਹੀ ਡਰਾਮਾ ਹੋ ਰਿਹਾ ਹੈ। 'ਆਪ' ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸਾਜਿਸ਼ ਤਹਿਤ ਆਈਜੀ ਦਾ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲਾਂ ਨੂੰ ਬਚਾਉਣ ਲਈ ਚਾਲ ਚੱਲੀ ਹੈ।

ਇਸ ਦੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ। ਅੱਜ ਬਰਗਾੜੀ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਤੋਂ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਸਿੱਖ ਆਗੂਆਂ ਨੇ ਮੰਗ ਕੀਤੀ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਮੁੜ ਸਿੱਟ ਮੈਂਬਰ ਵਜੋਂ ਤਾਇਨਾਤ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ 11 ਅਪ੍ਰੈਲ ਤੱਕ ਕੁੰਵਰ ਵਿਜੈ ਪ੍ਰਤਾਪ ਦੀ ਤਾਇਨਾਤੀ ਮੁੜ ਨਾ ਹੋਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਦਫਤਰ ਬਾਹਰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।