Punjab News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਨੂੰ ਪੁਲਿਸ ਵੱਲੋਂ ਜ਼ਬਰਦਸਤੀ ਚੁੱਕੇ ਜਾਣ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਈ ਥਾਵਾਂ ਉੱਤੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਸਰਕਾਰ ਤੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਵੱਲੋਂ ਪੁਲਿਸ ਤੇ ਤੇ ਸਰਕਾਰ ਦੀ ਇਸ ਕਾਰਗੁਜ਼ਾਰੀ ਦੀ ਜਮ ਕੇ ਮੁਖਾਲਫਤ ਕੀਤੀ ਜਾ ਰਹੀ ਹੈ।


ਇਸ ਬਾਬਤ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਕਿਸਾਨਾਂ ਵੱਲੋ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿੱਚ ਧਰਨਾ ਲਗਾਇਆ ਹੋਇਆ ਸੀ। ਬੇਰਹਿਮ ਸਰਕਾਰ ਦੇ ਹੁਕਮਾਂ ਤੇ ਅੱਜ ਉਨ੍ਹਾਂ ਨੂੰ ਸਵੇਰੇ ਹੀ ਜ਼ਬਰੀ ਚੁਕਾ ਦਿੱਤਾ ਗਿਆ, ਪੁਲਿਸ ਦਾ ਡੰਡਾ ਤੰਤਰ ਬਰਦਾਸ਼ਤ ਯੋਗ ਨਹੀਂ ਹੈ। 


ਕੀ ਇਹੀ ਬਦਲਾਅ ਹੈ?


ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਮੈਂ, ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ, ਹੁਣ ਵੀ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।



ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੇ ਇਸ ਐਕਸ਼ਨ ਦਾ ਵਿਰੋਧ ਕਰਦਿਆਂ ਕਿਹਾ, ਇਹ ਵਿਰੋਧ ਕਰਨ ਦੇ ਸੰਵਿਧਾਨਕ ਅਧਿਕਾਰ ਦੀ ਸਪੱਸ਼ਟ ਉਲੰਘਣਾ ਹੈ। ਕਿਸਾਨ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਬਜਾਏ  ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਉਨ੍ਹਾਂ ਦੀ ਆਵਾਜ਼ ਨੂੰ ਦਬਾ ਰਹੀ ਹੈ।






ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, ਪਖੰਡੀ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ ਪਰ ਪੰਜਾਬ ਵਿੱਚ ਗ੍ਰਿਫਤਾਰ ਕਰ ਰਹੀ ਹੈ। ਅਸੀਂ ਪਟਿਆਲਾ ਵਿੱਚ ਧਰਨੇ ਵਾਲੀ ਥਾਂ ਤੋਂ ਕਿਸਾਨਾਂ ਨੂੰ ਜ਼ਬਰਦਸਤੀ ਕੱਢਣ ਤੇ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਦੇ ਅਪਮਾਨ ਦੀ ਸਖ਼ਤ ਨਿਖੇਧੀ ਕਰਦੇ ਹਾਂ।