ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਅੱਜ ਸ਼ੁਰੂ ਹੋ ਗਏ ਹਨ ਪਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਕਲੇਸ਼ ਜਾਰੀ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਇਲਜ਼ਾਮ ਲਾ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਕੋਈ ਪੁਖਤਾ ਇੰਤਜ਼ਾਮ ਨਹੀਂ ਕੀਤੇ ਤੇ ਸਾਰਾ ਜ਼ੋਰ ਸਟੇਜ਼ 'ਤੇ ਕਬਜ਼ੇ ਲਈ ਲਾਇਆ ਹੋਇਆ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਬਾਦਲਾਂ ਦੇ ਪੱਖ ’ਚ ਹੋ ਕੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਤੌਰ ’ਤੇ ਅਜਿਹੇ ਸਾਰੇ ਵੱਡੇ ਸਮਾਗਮ ਹਮੇਸ਼ਾ ਸੂਬਾ ਸਰਕਾਰ ਵੱਲੋਂ ਕਰਵਾਏ ਜਾਂਦੇ ਹਨ ਪਰ ਸ਼੍ਰੋਮਣੀ ਕਮੇਟੀ ਇਸ ਵਾਰ ਅਕਾਲੀਆਂ ਦੇ ਇਸ਼ਾਰੇ ’ਤੇ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਹਿਯੋਗ ਦੇਣ ਤੋਂ ਮੁਨਕਰ ਹੋ ਗਈ ਹੈ। ਕੈਪਟਨ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਤੇ ਅਜਿਹੇ ਹੋਰ ਇਤਿਹਾਸਕ ਧਾਰਮਿਕ ਸਮਾਗਮਾਂ ਨੂੰ ਸੂਬਾ ਸਰਕਾਰ ਵੱਲੋਂ ਮਨਾਇਆ ਗਿਆ ਸੀ।

ਕੈਪਟਨ ਨੇ ਕਿਹਾ ਕਿ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਰਕਾਰ ਨੇ ਸ਼੍ਰੋਮਣੀ ਕਮੇਟੀ ਕੋਲ ਹਰ ਤਰ੍ਹਾਂ ਨਾਲ ਪਹੁੰਚ ਕੀਤੀ ਪਰ ਕਮੇਟੀ ਦੇ ਸਿੱਧੇ ਤੌਰ ’ਤੇ ਅਕਾਲੀਆਂ ਦੇ ਏਜੰਡੇ ਨੂੰ ਸਿਰੇ ਲਾਉਣ ਦੀ ਮਨਸ਼ਾ ਕਾਰਨ ਸਰਕਾਰ ਦੇ ਯਤਨਾਂ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ। ਹੁਣ ਸ਼੍ਰੋਮਣੀ ਕਮੇਟੀ ਆਪਣੀ ਸਟੇਜ਼ ਲਾ ਰਹੀ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸੇ ਹੀ ਧਾਰਮਿਕ ਸਟੇਜ਼ ਉੱਪਰ ਆਉਣਗੇ। ਇਸ ਸਭ ਕਾਸੇ ਤੋਂ ਸਪਸ਼ਟ ਹੈ ਕਿ ਸਿਆਸੀ ਧਿਰਾਂ ਬਾਬੇ ਨਾਨਕ ਦੇ ਨਾਂ 'ਤੇ ਵੀ ਸਿਆਸਤ ਕਰਨ ਤੋਂ ਬਾਜ਼ ਨਹੀਂ ਆ ਰਹੀਆਂ।