ਦਲਿਤ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ 'ਤੇ ਭਖੀ ਸਿਆਸਤ, ਕੈਪਟਨ ਤੇ ਭਗਵੰਤ ਮਾਨ ਅਕਾਲੀ ਦਲ ਤੇ ਬੀਜੇਪੀ 'ਤੇ ਭੜਕੇ
ਪੰਜਾਬ ਵਿੱਚ ਅੱਜ ਦਲਿਤਾਂ 'ਤੇ ਖੂਬ ਸਿਆਸਤ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਸੂਬਾ ਦਾ ਡਿਪਟੀ ਸੀਐਮ ਦਲਿਤ ਹੋਏਗਾ। ਇਸੇ ਤਰ੍ਹਾਂ ਬੀਜੇਪੀ ਨੇ ਸਰਕਾਰ ਆਉਣ 'ਤੇ ਦਲਿਤ ਮੁੱਖ ਮੰਤਰੀ ਬਣਾਉਣ ਦਾ ਦਾਅਵਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿੱਚ ਅੱਜ ਦਲਿਤਾਂ 'ਤੇ ਖੂਬ ਸਿਆਸਤ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਸੂਬਾ ਦਾ ਡਿਪਟੀ ਸੀਐਮ ਦਲਿਤ ਹੋਏਗਾ। ਇਸੇ ਤਰ੍ਹਾਂ ਬੀਜੇਪੀ ਨੇ ਸਰਕਾਰ ਆਉਣ 'ਤੇ ਦਲਿਤ ਮੁੱਖ ਮੰਤਰੀ ਬਣਾਉਣ ਦਾ ਦਾਅਵਾ ਕੀਤਾ ਹੈ। ਇਸ ਐਲਾਨ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸੁਖਬੀਰ ਦੇ ਐਲਾਨ ਮਗਰੋਂ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਆਗੂਆਂ ਨੂੰ ਉਪ ਮੁੱਖ ਮੰਤਰੀ/ਮੁੱਖ ਮੰਤਰੀ ਬਣਾਏ ਜਾਣ ਦੇ ਵਾਅਦਿਆਂ ਨੂੰ ਬੇਤੁਕੇ ਚੁਣਾਵੀ ਹਥਕੰਡੇ ਗਰਦਾਨਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਭਾਵੇਂ ਜਿੰਨੇ ਮਰਜ਼ੀ ਦਲਿਤ ਚਿਹਰਿਆਂ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰਨ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ
ਕੈਪਟਨ ਨੇ ਕਿਹਾ ਕਿ ਦੋਵਾਂ ਪਾਰਟੀਆਂ ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਐਸਸੀ ਭਾਈਚਾਰੇ ਲਈ ਕੁਝ ਵੀ ਨਹੀਂ ਕੀਤਾ, ਦੇ ਪਿਛਲੇ ਮਾੜੇ ਰਿਕਾਰਡ ਨੂੰ ਦੇਖਦੇ ਹੋਏ ਇਹ ਸਾਫ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) 10 ਵਰ੍ਹਿਆਂ ਦੌਰਾਨ ਸੂਬੇ ਵਿੱਚ ਦਲਿਤਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨ। ਹੁਣ 2022 ਦੀਆਂ ਚੋਣਾਂ ’ਤੇ ਅੱਖ ਰੱਖਦੇ ਹੋਏ ਦਲਿਤ ਭਾਈਚਾਰੇ ਨੂੰ ਭਰਮਾਉਣ ਲਈ ਸਿਆਸੀ ਡਰਾਮੇਬਾਜ਼ੀ ’ਤੇ ਉਤਰ ਆਈਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ,‘‘ਸੁਖਬੀਰ ਬਾਦਲ ਹੁਣ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਵਾਅਦਾ ਕਰ ਰਿਹਾ ਹੈ ਪਰ ਉਸ ਕੋਲ ਆਪਣੀ ਪਾਰਟੀ, ਜਿਸ ਦਾ ਭਾਜਪਾ ਨਾਲ ਗਠਜੋੜ ਸੀ, ਵੱਲੋਂ ਐਸਸੀ ਭਾਈਚਾਰੇ ਲਈ ਕੀਤੇ ਗਏ ਕੰਮਾਂ ਨੂੰ ਦਿਖਾਉਣ ਦੇ ਨਾਂ ’ਤੇ ਕੁਝ ਵੀ ਨਹੀਂ ਹੈ।’’ ਕੈਪਟਨ ਨੇ ਇਸ ਵਾਅਦੇ ਨੂੰ ਵੋਟਾਂ ਦੇ ਮੱਦੇਨਜ਼ਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਇਕ ਸਿਆਸੀ ਚਾਲ ਦੱਸਿਆ।
ਉਨਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਬੇਤੁੱਕਾ ਵਰਤਾਰਾ ਹੈ ਕਿ ਹੁਣ ਭਾਜਪਾ ਵੱਲੋਂ ਵੀ ਕਿਸੇ ਤੋਂ ਪਿੱਛੇ ਨਾ ਰਹਿੰਦੇ ਹੋਏ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਜਾਣ ਦੀ ਸੂਰਤ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਹੋਰ ਦੱਸਿਆ ਕਿ ਜਿਸ ਤਰ੍ਹਾਂ ਕਿਸਾਨਾਂ ਦੇ ਮੁੱਦੇ ’ਤੇ ਸੂਬੇ ਦੇ ਲੋਕਾਂ ਵਿੱਚ ਭਾਜਪਾ ਖਿਲਾਫ ਗੁੱਸਾ ਹੈ, ਉਸ ਨੂੰ ਵੇਖਦੇ ਹੋਏ ਪਾਰਟੀ ਲਈ ਇੱਕ ਵੀ ਜੇਤੂ ਉਮੀਦਵਾਰ ਲੱਭਣਾ ਇਕ ਚੁਣੌਤੀ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :