ਚੰਡੀਗੜ੍ਹ: ਨਸ਼ੇ ਦੇ ਮਾਮਲੇ ਉੱਤੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸੂਬਾ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾ ਰਹੇ ਪੋਸਟਰਾਂ ਦੇ ਮੁੱਦੇ ਉੱਤੇ ਬੋਲਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ ਜੋ ਪੋਸਟਰਾਂ ਰਾਹੀਂ ਬਾਹਰ ਆਈ ਹੈ। ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਪੰਜਾਬ ਵਿੱਚ ਬੱਚੇ ਬੱਚੇ ਨੂੰ ਪਤਾ ਹੈ ਕਿ ਨਸ਼ੇ ਦਾ ਕਾਰੋਬਾਰ ਕੌਣ ਕਰਦਾ ਹੈ।
ਯਾਦ ਰਹੇ ਕਿ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ ਇਸੀ ਕੇਸ ਵਿੱਚ 29 ਜੁਲਾਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਪਰ ਇਸ ਤੋਂ ਪਹਿਲਾਂ ਪਾਰਟੀ ਨੇ ਹਰ ਵਿਧਾਨ ਸਭਾ ਹਲਕੇ ਵਿੱਚ 300 ਪੋਸਟਰ ਲੱਗਾ ਦਿੱਤੇ ਹਨ।
ਇਹਨਾਂ ਪੋਸਟਰਾਂ ਉੱਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਨਾਲ ਲਿਖਿਆ ਹੋਇਆ ਕਿ ‘ਮੈਂ ਹਜ਼ਾਰ ਵਾਰ ਦਾਅਵਾ ਕਰਦਾ ਹਾਂ ਕਿ ਮਜੀਠੀਆ ਨਸ਼ਾ ਤਸਕਰ ਹੈ।’’ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਡਰੱਗਜ਼ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਹਿਲਵਾਨ ਜਗਦੀਸ਼ ਭੋਲਾ ਨੇ ਬਿਕਰਮ ਮਜੀਠੀਆ ਦਾ ਨਾਮ ਲਿਆ ਸੀ।
ਛੋਟੇਪੁਰ ਨੇ ਆਖਿਆ ਕਿ ਪੋਸਟਰ ਉੱਤੇ ਜੋ ਫ਼ੋਨ ਨੰਬਰ (8007006003) ਦਿੱਤਾ ਗਿਆ ਹੈ ਉਸ ਉੱਤੇ ਪਹਿਲੇ ਦਿਨ ਹੀ 1.16 ਲੱਖ ਲੋਕਾਂ ਨੇ ਆਪਣੀ ਹਾਜ਼ਰੀ ਦਰਜ ਕਰਵਾ ਕੇ ਇਸ ਗੱਲ ਦੀ ਹਾਮੀ ਭਰੀ ਕਿ ਉਹ ਇਸ ਗੱਲ ਨਾਲ ਇਤਫ਼ਾਕ ਰੱਖਦੇ ਹਨ ਕਿ ਪੰਜਾਬ ਵਿਚ ਨਸ਼ਿਆਂ ਦੇ ਧੰਦੇ ਲਈ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਕੇਸਾਂ ਤੋਂ ਡਰਨ ਵਾਲੀ ਨਹੀਂ ਹੈ।