ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਿਜਲੀ ਦਰਾਂ ਵਿੱਚ ਵਾਧੇ ਖਿਲਾਫ ਮੋਰਚਾ ਖੋਲ੍ਹਿਆ ਹੈ। ਪਾਰਟੀ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਬਿਜਲੀ ਦੀਆਂ ਦਰਾਂ 'ਚ ਪਿਛਲੇ ਦਿਨਾਂ ਦੌਰਾਨ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਪਿਛਲੀ ਅਕਾਲੀ-ਬੀਜੇਪੀ ਸਰਕਾਰ ਵੱਲੋਂ 3 ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖ਼ਰੀਦ ਸਮਝੌਤੇ ਤੁਰੰਤ ਰੱਦ ਕੀਤੇ ਜਾਣ।

ਅਰੋੜਾ ਨੇ ਕਿਹਾ ਕਿ ਅਕਾਲੀ-ਬੀਜੇਪੀ ਸਰਕਾਰ ਵੱਲੋਂ ਕੀਤੇ ਸਮਝੌਤਿਆਂ ਦੀਆਂ ਸ਼ਰਤਾਂ ਇੰਨੀਆਂ ਨਾਜਾਇਜ਼ ਮਹਿੰਗੀਆਂ, ਖਪਤਕਾਰ ਵਿਰੋਧੀ ਤੇ ਪੰਜਾਬ ਵਿਰੋਧੀ ਹਨ ਕਿ ਜੇਕਰ ਸਰਕਾਰ ਇਨ੍ਹਾਂ ਤੋਂ ਇੱਕ ਵੀ ਯੂਨਿਟ ਨਹੀਂ ਖ਼ਰੀਦ ਕਰਦੀ ਤਾਂ ਵੀ ਸਾਲਾਨਾ 2800 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ 'ਚ ਇਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਦੇਣਾ ਪਵੇਗਾ, ਜੋ 25 ਸਾਲਾਂ ਲੰਬੇ ਸਮਝੌਤੇ ਨਾਲ ਕਰੀਬ 70 ਹਜ਼ਾਰ ਕਰੋੜ ਰੁਪਏ ਬਣਦਾ ਹੈ।

ਅਰੋੜਾ ਨੇ ਕਿਹਾ ਕਿ ਸਰਕਾਰ ਦੀ ਨੱਕ ਥੱਲੇ ਪਣਪੇ ਇਸ ਉੱਚ-ਪੱਧਰੀ ਮਿਲੀਭੁਗਤ ਵਾਲੇ ਮਾਫ਼ੀਆ ਨੂੰ ਤੁਰੰਤ ਖ਼ਤਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਕੌਲ-ਕਰਾਰਾ 'ਤੇ ਖਰਾ ਉੱਤਰਨ ਤੇ ਪੰਜਾਬ ਦੇ ਘਰੇਲੂ, ਵਪਾਰਕ ਤੇ ਉਦਯੋਗਕ ਖਪਤਕਾਰਾਂ ਸਮੇਤ ਸਾਰੇ ਵਰਗਾਂ ਨੂੰ ਸਸਤੀ ਬਿਜਲੀ ਉਪਲਬਧ ਕਰਾਉਣ।

'ਆਪ' ਆਗੂ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਸੱਤਾ 'ਚ ਆ ਤੁਹਾਡੀ ਕਾਂਗਰਸ ਸਰਕਾਰ ਨੇ ਆਪਣੇ ਵਾਅਦਿਆਂ 'ਤੇ ਪੂਰਾ ਉੱਤਰਨ ਦੀ ਥਾਂ ਉਲਟਾ ਅਮਲ ਸ਼ੁਰੂ ਕਰ ਦਿੱਤਾ ਹੈ। ਢਾਈ ਸਾਲਾਂ ਦੇ ਸ਼ਾਸਨ ਦੌਰਾਨ ਵਾਰ-ਵਾਰ ਬਿਜਲੀ ਦਰਾਂ 'ਚ ਵਾਧਾ ਕੀਤਾ ਜਾ ਰਿਹਾ ਹੈ, ਪਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਾਦਲਾਂ ਵੱਲੋਂ ਕੀਤੇ ਗਏ ਘਾਤਕ ਤੇ ਘਪਲੇਬਾਜ਼ੀ ਨਾਲ ਭਰੇ ਸਮਝੌਤੇ ਰੱਦ ਕਰਨ ਬਾਰੇ ਚੁੱਪੀ ਹੀ ਧਾਰ ਲਈ ਹੈ।