Behbal Kalan Goli Kand : ਬਹਿਬਲ ਕਲਾਂ ਗੋਲੀਕਾਂਡ ਹੁਣ ਭਗਵੰਤ ਮਾਨ ਸਰਕਾਰ ਲਈ ਵੱਡੀ ਮੁਸੀਬਤ ਬਣ ਸਕਦਾ ਹੈ। ਇਨਸਾਫ ਦੀ ਉਡੀਕ ਕਰ ਰਹੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਖੁਸ਼ ਨਹੀਂ ਹਨ। ਸੰਗਤ ਵੱਲੋਂ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ।



ਦਰਅਸਲ ਬਹਿਬਲ ਕਲਾਂ ਗੋਲੀਕਾਂਡ ’ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਛੋਟੇ ਪੁੱਤਰ ਪ੍ਰਭਦੀਪ ਸਿੰਘ ਨੇ ਪਿਤਾ ਦੀ ਮੌਤ ਲਈ ਇਨਸਾਫ਼ ਨਾ ਦਿਵਾਏ ਜਾਣ ਦੇ ਰੋਸ ਵਜੋਂ ਸਰਕਾਰ ਵੱਲੋਂ ਤਰਸ ਦੇ ਆਧਾਰ ’ਤੇ ਮਿਲੀ ਸਰਕਾਰੀ ਨੌਕਰੀ ਛੱਡ ਦਿੱਤੀ ਹੈ। ਇਹ ਐਲਾਨ ਉਨ੍ਹਾਂ ਵੱਲੋਂ ਬਹਿਬਲ ਕਲਾਂ ’ਚ ਆਪਣੇ ਭਰਾ ਸੁਖਰਾਜ ਸਿੰਘ ਨਿਆਮੀ ਵਾਲਾ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਕੀਤਾ ਗਿਆ। ਇਸ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ।

ਦੱਸ ਦਈਏ ਕਿ ਪ੍ਰਭਦੀਪ ਸਿੰਘ ਨੂੰ 2015 ਵਿੱਚ ਹੋਈ ਉਸ ਦੇ ਪਿਤਾ ਦੀ ਮੌਤ ਮਗਰੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਬਲ ਕਲਾਂ ਵਿੱਚ ਕਰਲਕ ਦੀ ਨੌਕਰੀ ਮਿਲੀ ਸੀ। ਪ੍ਰਭਦੀਪ ਸਿੰਘ ਨੇ ਕਿਹਾ ਕਿ ਉਸ ਦੇ ਪਰਿਵਾਰ ਨੂੰ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਦਾ ਇਨਸਾਫ਼ ਚਾਹੀਦਾ ਹੈ ਤੇ ਇਸ ਦੇ ਇਵਜ਼ ਵਿੱਚ ਕੋਈ ਲਾਭ ਨਹੀਂ ਚਾਹੀਦਾ। ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਸਿੱਖ ਸੰਗਤ ਵੱਲੋਂ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।


ਬੀਤੇ ਦਿਨੀਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਸੀ। ਜਿਸ ਦੌਰਾਨ ਬਾਦਲ ਤੋਂ ਤਕਰੀਬਨ 3 ਘੰਟੇ ਪੁੱਛਗਿੱਛ ਹੋਈ। ਸੁਖਬੀਰ ਬਾਦਲ ਨੂੰ  ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਬਾਰੇ ਮੁੜ ਪੁੱਛ ਗਿੱਛ ਕਰਨ ਲਈ ਐਤਵਾਰ ਨੂੰ ਹੀ ਸੰਮਨ ਜਾਰੀ ਕੀਤੇ ਸਨ।

 

 ਦੱਸ ਦਈਏ ਕਿ ਕੋਟਕਪੂਰਾ ਤੇ ਬਹਿਬਲਕਲਾਂ ਗੋਲੀਕਾਂਡ ਦੇ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਸਮੇਤ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਸਿੱਟੇ ਵਜੋਂ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸਾਂ ਵਿੱਚ ਐਸਆਈਟੀ ਦੀ ਜਾਂਚ ਫਿਲਹਾਲ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਐਸਆਈਟੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।

 

 ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਖਿਲਾਰੇ ਗਏ ਸੀ ,ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।