ਸ੍ਰੀ ਗੁਰੂ ਹਰ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਘੱਟ ਸੰਗਤ ਪਹੁੰਚਣ 'ਤੇ ਜਥੇਦਾਰ ਨੇ ਕੀਤੀ ਅਪੀਲ
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਬੜੀ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ।
ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਬੜੀ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਵਿਚ ਸਭ ਤੋਂ ਪਹਿਲਾ ਪਰਸੋਂ ਤੋਂ ਰੱਖੇ 8 ਸ੍ਰੀ ਆਖੰਡ ਪਾਠਾਂ ਸਾਹਿਬਾ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਬਲਜਿੰਦਰ ਸਿੰਘ, ਭਾਈ ਦਿਲਪ੍ਰੀਤ ਸਿੰਘ, ਭਾਈ ਜਸਵੀਰ ਸਿੰਘ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਥਾਵਾਚਕ ਭਾਈ ਸਤਵਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਤੇ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸਤਾਰ ਰੂਪ ਵਿੱਚ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ: ਗੁਰੂ ਹਰ ਰਾਇ ਸਾਹਿਬ ਨੇ ਇੰਝ ਨਿਭਾਇਆ ਤਾਕਤ ਦੀ ਦੁਰਵਰਤੋਂ ਨਾ ਕਰਨ ਦਾ ਉਪਦੇਸ਼
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਵਿਸ਼ਵ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਦੇ ਦਰਸ਼ਨ-ਦੀਦਾਰੇ ਜ਼ਰੂਰ ਕਰਨ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਨਨਕਾਣਾ ਸਾਡੇ ਪਾਸ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਗੁਰੂ ਸਹਿਬਾਨ ਦਾ ਪ੍ਰਕਾਸ਼ ਪੁਰਬ ਹੋਵੇ ਤੇ ਬਹੁਤ ਘੱਟ ਗਿਣਤੀ ਵਿੱਚ ਸੰਗਤਾਂ ਇਸ ਅਸਥਾਨ ਤੇ ਪਹੁੰਚੀਆਂ ਹੋਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਿਆ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।