ਚੰਡੀਗੜ੍ਹ : ਇੱਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸਰਕਾਰੀ ਹਸਪਤਾਲਾਂ 'ਚ ਸਟਾਫ਼ ਦੀ ਲਾਪ੍ਰਵਾਹੀ ਕਾਰਨ ਮਰੀਜ਼ ਖੱਜਲ ਖੁਆਰ ਹੋ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਦੇ ਸਿਵਲ ਹਸਪਤਾਲ 'ਚ ਦੇਖਣ ਨੂੰ ਮਿਲਿਆ ਹੈ ,ਜਿੱਥੇ ਹਸਪਤਾਲ ਸਟਾਫ਼ ਵੱਲੋਂ ਗਰਭਵਤੀ ਔਰਤ ਦੀ ਡਿਲੀਵਰੀ ਨਾ ਕਰਵਾਉਣ 'ਤੇ ਔਰਤ ਨੇ ਲੇਬਰ ਰੂਮ ਦੇ ਬਾਹਰ ਹੀ ਫਰਸ਼ 'ਤੇ ਬੱਚੇ ਨੂੰ ਜਨਮ ਦਿੱਤਾ ਹੈ। ਜਿਸ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਹੜਕੰਪ ਮੱਚ ਗਿਆ ਹੈ।


 

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਘਟਨਾਕ੍ਰਮ ਨੂੰ ਲੈ ਕੇ ਆਪ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੂਬੇ ਦੇ ਹਸਪਤਾਲਾਂ ਨੂੰ ਲੈ ਕੇ ਸੀਐਮ ਮਾਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹੈ ਅਤੇ ਪੰਜਾਬ ਦਾ ਸਿਹਤ ਵਿਭਾਗ ਆਈਸੀਯੂ ਵਿੱਚ ਅੰਤਿਮ ਸਾਹ ਲੈ ਰਿਹਾ ਹੈ। ਹਸਪਤਾਲਾਂ ਦੀ ਹਾਲਤ ਖਸਤਾ ਹੈ, ਦਵਾਈਆਂ ਗਾਇਬ ਹਨ, ਸਟਾਫ਼ ਨਹੀਂ ਹੈ। ਪਠਾਨਕੋਟ ਦੇ ਹਸਪਤਾਲ ਵਿੱਚ ਗਰਭਵਤੀ ਔਰਤ ਦੋ ਘੰਟੇ ਤੜਫਦੀ ਰਹੀ।  ਡਿਲੀਵਰੀ ਖੁੱਲੇ ਅਸਮਾਨ ਹੇਠ ਹੀ ਹੋਈ। ਸਟਾਫ-ਡਾਕਟਰਾਂ ਨੇ ਜੱਚਾ-ਬੱਚਾ ਨੂੰ ਹੱਥ ਤੱਕ ਨਹੀਂ ਲਾਇਆ। ਕੀ ਇਹੀ ਤਬਦੀਲੀ ਹੈ?

 





ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਜ਼ਿੰਮੇਵਾਰ ਹਨ। ਇਸ ਘਟਨਾਕ੍ਰਮ ਦੀ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਪੀੜਤ ਪਰਿਵਾਰ ਦੇ ਹੱਕ ਵਿੱਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

 

ਦੱਸ ਦੇਈਏ ਕਿ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਬੀਤੀ ਰਾਤ ਇੱਕ ਗਰਭਵਤੀ ਔਰਤ ਡਿਲੀਵਰੀ ਲਈ ਆਈ ਤਾਂ ਲੇਬਰ ਰੂਮ ਵਿੱਚ ਤਾਇਨਾਤ ਸਟਾਫ਼ ਵੱਲੋਂ ਔਰਤ ਦੀ ਡਲਿਵਰੀ ਕਰਵਾਉਣ ਦੀ ਬਜਾਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿਸ ਦੇ ਸਿੱਟੇ ਵਜੋਂ ਪੀੜਤਾ ਨੇ ਲੇਬਰ ਰੂਮ ਦੇ ਗਲਿਆਰੇ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ ਪਰ ਹਸਪਤਾਲ ਪ੍ਰਸ਼ਾਸਨ ਨੇ ਬੱਚਾ ਪੈਦਾ ਹੋਣ ਤੋਂ ਬਾਅਦ ਵੀ ਉਸਦੀ ਕੋਈ ਮਦਦ ਨਹੀਂ ਕੀਤੀ ਅਤੇ ਕਿੰਨੀ ਦੇਰ ਉਹ ਔਰਤ ਫਰਸ਼ 'ਤੇ ਹੀ ਪਈ ਰਹੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਸਿਹਤ ਪ੍ਰਬੰਧਾਂ 'ਤੇ ਸਵਾਲ ਉੱਠਣ ਲੱਗੇ ਹਨ।