ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਵੱਲੋਂ ਖੇਤੀਬਾੜੀ ਆਰਡੀਨੈਂਸਾਂ ਨੂੰ ਬੀਤੇ ਦਿਨ ਸੰਸਦ ਵਿੱਚ ਪੇਸ਼ ਕਰਨ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਾ ਸੂਬੇ ਦੀ ਕਿਸਾਨੀ ਦੇ ਹਿੱਤਾ ਦੀ ਰੱਖਿਆ ਕਰਨ ਦੇ ਦਾਅਵਿਆਂ ਦਾ ਝੂਠ ਨੰਗਾ ਹੋ ਗਿਆ।


ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਪੇਸ਼ ਕਰ ਦਿੱਤਾ ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਇਸ ਮੁੱਦੇ ਸਬੰਧੀ ਡਰਾਮੇਬਾਜ਼ੀ ਕਰ ਰਹੇ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸਦਨ ਤੋਂ ਬਾਹਰ ਸੀ ਜਦੋਂ ਇਹ ਆਰਡੀਨੈਂਸ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਪੇਸ਼ ਹੋਏ ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਾਰਾ ਡਰਾਮਾ ਕਿਸਾਨ ਜਥੇਬੰਦੀਆਂ ਨੂੰ ਪਰਚਾਉਣ ਵਾਸਤੇ ਰਚਿਆ ਗਿਆ ਸੀ ਜਿਨ੍ਹਾਂ ਨੇ ਇਸ ਵੇਲੇ ਆਰਡੀਨੈਂਸਾਂ ਦਾ ਸਖਤ ਵਿਰੋਧ ਕਰਦਿਆਂ ਕੇਂਦਰ ਸਰਕਾਰ ਖਿਲਾਫ ਕਮਰ ਕਸੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ ਝਲਕਦਾ ਹੈ ਕਿ ਕਿਸਾਨਾਂ ਤੇ ਸੂਬਿਆਂ ਦੇ ਹਿੱਤਾਂ ਨੂੰ ਅੱਖੋ ਪਰੋਖੇ ਕਰਦਿਆਂ ਸਾਜਿਸ਼ ਰਚੀ ਗਈ ਜਦੋਂ ਕਿ ਖੇਤੀਬਾੜੀ ਸੰਵਿਧਾਨ ਅਨੁਸਾਰ ਸੂਬਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, ''ਨਹੀਂ ਤਾਂ ਸੁਖਬੀਰ ਸੰਸਦ ਦੇ ਪਹਿਲੇ ਹੀ ਦਿਨ ਗਾਇਬ ਕਿਉਂ ਰਹਿੰਦਾ।'' ਅਕਾਲੀ ਦਲ ਦੇ ਪ੍ਰਧਾਨ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਇਹ ਆਰਡੀਨੈਂਸ ਜਿਨ੍ਹਾਂ ਉਤੇ ਅਕਾਲੀ ਦਲ ਨੇ ਵੀ ਮੋਹਰ ਲਗਾਈ ਹੈ, ਕਾਨੂੰਨ ਬਣਾਉਣ ਲਈ ਸੰਸਦ ਵਿੱਚ ਲਿਆਂਦੇ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਕਾਲੀਆਂ ਨੇ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਦੌਰਾਨ ਵੀ ਇਹੋ ਹੱਥਕੰਡੇ ਅਪਣਾਏ ਸੀ ਅਤੇ ਆਰਡੀਨੈਂਸ ਵਿਰੋਧੀ ਮਤੇ ਦੇ ਹੱਕ ਵਿੱਚ ਵੋਟ ਤੋਂ ਬਚਣ ਲਈ ਉਸ ਸਮੇਂ ਅਕਾਲੀ ਦਲ ਗੈਰ ਹਾਜ਼ਰ ਰਿਹਾ ਸੀ।