ਦੋ ਦਿਨ ਬਾਅਦ ਹੋਏਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
ਏਬੀਪੀ ਸਾਂਝਾ | 10 Nov 2018 05:15 PM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਲਈ ਆਉਂਦੇ ਮੰਗਲਵਾਰ ਨੂੰ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ। ਇਜਲਾਸ ਵਿੱਚ ਸ਼ਾਮਲ ਹੋਣ ਲਈ ਐਸਜੀਪੀਸੀ ਦੇ ਮੈਂਬਰਾਂ ਨੂੰ ਸੱਦੇ ਭੇਜੇ ਜਾ ਚੁੱਕੇ ਹਨ ਅਤੇ ਸ਼ਨੀਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨੂੰ ਚੋਣ ਇਜਲਾਸ ਸਬੰਧੀ ਪ੍ਰਬੰਧਕੀ ਨਿਰਦੇਸ਼ ਦਿੱਤੇ। ਐਸਜੀਪੀਸੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ ਸੱਦਿਆ ਗਿਆ ਹੈ, ਜੋ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜ ਅਨੁਸਾਰ ਸਟਾਫ ਦੀਆਂ ਡਿਊਟੀਆਂ ਲਗਾਈਆਂ। ਇਸ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਣੀ ਹੈ। ਇਸ ਤੋਂ ਬਾਅਦ ਐਸਜੀਪੀਸੀ ਨੂੰ ਨਵਾਂ ਪ੍ਰਧਾਨ ਅਤੇ ਹੋਰ ਅਹੁਦੇਦਾਰ ਮਿਲਣਗੇ। ਨਵੇਂ ਪ੍ਰਧਾਨ ਤੋਂ ਬਾਅਦ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਕਾ ਜਥੇਦਾਰ ਵੀ ਥਾਪਿਆ ਜਾਵੇਗਾ।