Punjab News: ਪੰਜਾਬ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ, ਮਾਫੀਆ ਕਲਚਰ ਨੂੰ ਖਤਮ ਕਰਕੇ ਪੰਜਾਬ ਦੀ ਰਾਜਨੀਤੀ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਸਟਾਫ਼ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 36 ਪ੍ਰਿੰਸੀਪਲ/ਸਿੱਖਿਆ ਅਫ਼ਸਰਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਇਸੇ ਮਹੀਨੇ 30 ਪ੍ਰਿੰਸੀਪਲਾਂ ਦਾ ਇੱਕ ਹੋਰ ਬੈਚ ਵੀ ਭੇਜਿਆ ਗਿਆ ਹੈ। 117 ਸਕੂਲਾਂ ਦੀ ਪਛਾਣ ਕਰ ਉਨ੍ਹਾਂ ਨੂੰ "ਸਕੂਲ ਆਫ਼ ਐਮੀਨੈਂਸ" ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਪਾਇਲਟ ਪ੍ਰੋਜੈਕਟ ਆਧਾਰ 'ਤੇ ਜ਼ਿਲ੍ਹਾ ਅੰਮ੍ਰਿਤਸਰ ਦੇ 4 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।
ਇਹ ਯਕੀਨੀ ਬਣਾਉਣ ਲਈ ਕਿ ਐੱਸਸੀ ਅਤੇ ਓਬੀਸੀ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 18 ਕਰੋੜ ਰੁਪਏ ਰੱਖੇ ਗਏ ਸਨ। 13 ਸਾਲਾਂ ਦੇ ਵਕਫ਼ੇ ਤੋਂ ਬਾਅਦ ਸਰਕਾਰੀ ਪੋਲੀਟੈਕਨਿਕ ਕਾਲਜ ਫ਼ਾਰ ਗਰਲਜ਼, ਰੋਪੜ ਜੋ ਕਿ 2009 ਤੋਂ ਬੰਦ ਸੀ, ਸਾਲ 2022 ਵਿੱਚ ਮੁੜ ਖੋਲ੍ਹਿਆ ਗਿਆ ਹੈ।
ਉਨ੍ਹਾਂ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ-2022” ਬਲਾਕ ਤੋਂ ਰਾਜ ਪੱਧਰ ਤੱਕ ਕਰਵਾਈਆਂ ਗਈਆਂ। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਤਹਿਤ ਹਰੇਕ ਜ਼ਿਲ੍ਹੇ ਵਿੱਚੋਂ ਦੋ ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਮੈਡਲ, 51, 000 ਰੁਪਏ ਦੀ ਰਾਸ਼ੀ ਅਤੇ ਇੱਕ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਗੈਂਗਸਟਰ ਕਲਚਰ 'ਤੇ ਸ਼ਿਕੰਜਾ ਕੱਸਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ 567 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, 563 ਹਥਿਆਰ ਜ਼ਬਤ ਕੀਤੇ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ 125 ਵਾਹਨ ਬਰਾਮਦ ਕੀਤੇ। ਜਦਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਰਪ੍ਰਸਤੀ ਕਰਦਿਆਂ ਸਨ ਅਤੇ ਇਸ ਕਾਰਨ ਸੂਬੇ ਵਿੱਚ ਕਾਨੂੰਨ ਦੀ ਸਥਿਤੀ ਵਿਗੜ ਗਈ ਪਰ ਹੁਣ ਮਾਨ ਸਰਕਾਰ ਦੀ ਅਗਵਾਈ ਹੇਠ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਬਿਹਤਰ ਕੀਤੀ ਜਾ ਰਹੀ ਹੈ।
ਰਾਜ ਵਿੱਚ ਸੁਧਾਰ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬਰਸਟ ਨੇ ਕਿਹਾ ਕਿ 'ਆਪ' ਇੱਕ ਲੋਕ-ਪੱਖੀ ਅਤੇ ਕਿਸਾਨ ਪੱਖੀ ਸਰਕਾਰ ਹੈ। ਮੁੱਖ ਮੰਤਰੀ ਮਾਨ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਕੀਤੇ ਕੰਮ ਇਸ ਦਾ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ ਜ਼ਿਆਦਾਤਰ ਚੋਣ ਵਾਅਦੇ ਪੂਰੇ ਕੀਤੇ ਹਨ ਅਤੇ ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।