ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਟਰੇਨਿੰਗ ਲੈ ਕੇ ਅੱਜ ਆਉਣਗੇ ਵਾਪਸ
Punjab News : ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ਤੇ ਪਰਤ ਰਹੇ ਹਨ।
Punjab News : ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ਤੇ ਪਰਤ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾਂ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਹੋਏ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਰਵਾਨਾ ਕੀਤਾ ਸੀ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਨੂੰ ਅਪਗ੍ਰੇਡ ਕਰਨ ਲਈ ਸਿੰਗਾਪੁਰ ਜਾਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ। ਇੱਥੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਸੀ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ । ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ ਲਈ ਸੂਬਾਈ ਯੋਜਨਾ ਦਾ ਹਿੱਸਾ ਹੈ
ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਕਦਮ ਦਾ ਇੱਕੋ-ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਸੀ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਗਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਸਿਖਲਾਈ ਲਈ ਅੱਜ 4 ਫਰਵਰੀ ਨੂੰ ਸਿੰਗਾਪੁਰ ਜਾ ਰਿਹਾ ਹੈ ਜੋ ਕਿ 11 ਫਰਵਰੀ ਨੂੰ ਆਪਸ ਪੰਜਾਬ ਆਵੇਗਾ।