ਫਰੀਦਕੋਟ: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਕੇਂਦਰੀ ਮਾਡਰਨ ਜੇਲ੍ਹ ਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੀ ਵਡਾਲੀ ਨਿਵਾਸੀ ਕਰਨਬੀਰ ਸਿੰਘ ਵਜੋਂ ਹੋਈ ਹੈ। ਉਸ ਨੂੰ 15 ਜੂਨ, 2019 ਨੂੰ ਬਿਹਤਰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

ਪੁਲਿਸ ਨੂੰ ਭੇਜੀ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕਰਨਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਫਰੀਦਕੋਟ ਜੇਲ੍ਹ ਅੰਦਰ ਕੈਦ ਸੀ। ਅਚਾਨਕ ਬਿਮਾਰ ਹੋਣ ਕਰਕੇ ਉਸ ਨੂੰ ਬਿਹਤਰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਹ ਨਿਗਰਾਨੀ ਕਰ ਰਹੀ ਪੁਲਿਸ ਦੇ ਹੁੰਦਿਆਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਏਐਸਆਈ ਗੁਰਦਿੱਤ ਸਿੰਘ ਨੇ ਪੁਲਿਸ ਦੱਸਿਆ ਕਿ ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਫਰਾਰ ਹੋਏ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਰਨਬੀਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ।