ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦੇ ਪੰਜਾਬ ਵਿੱਚ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਸੀ ਪਰ ਉਨ੍ਹਾਂ ਕੈਦੀਆਂ ਨੂੰ ਵਾਪਸ ਜੇਲ ਵਿੱਚ ਭੇਜਣ ਦੀ ਤਿਆਰੀ ਚੱਲ ਰਹੀ ਹੈ। ਕੈਦੀਆਂ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਹੋਣ ਦੇ ਆਧਾਰ ਤੇ ਜੇਲ ਵਿੱਚ ਵਾਪਸ ਡੱਕਿਆ ਜਾਏਗਾ।



ਜੇਲ ਵਿਭਾਗ ਦੇ ਬੁਲਾਰੇ ਨੇ ਕਿਹਾ, "ਪੰਜਾਬ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਕਾਫੀ ਗਿਰਾਵਟ ਆਉਣ ਮਗਰੋਂ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੋਵਿਡ ਨਾਲ ਨਜਿੱਠਣ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਕੈਦੀਆਂ ਦੀ ਪੈਰੋਲ ਹੋ ਨਹੀਂ ਵਧਾਈ ਜਾਏਗੀ।"

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਜੇ ਤਿਵਾੜੀ ਦੀ ਅਗਵਾਈ ਵਾਲੀ ਕਮੇਟੀ ਅਤੇ ਪ੍ਰਮੁੱਖ ਸਕੱਤਰ (ਜੇਲ੍ਹਾਂ) ਡੀਕੇ ਤਿਵਾੜੀ ਅਤੇ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਦੀ ਮੈਂਬਰਸ਼ਿਪ ਵਾਲੀ ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਸਾਰੇ ਕੈਦੀਆਂ ਨੂੰ ਜੇਲ੍ਹਾਂ ਵਿੱਚ ਵਾਪਸ ਭੇਜਿਆ ਜਾਵੇ। ਇਹ ਪ੍ਰਕਿਰਿਆ ਪੜਾਅਵਾਰ 17 ਫਰਵਰੀ ਤੋਂ ਚੱਲੇਗੀ।