ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਵੀ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦੀਆਂ ਮਨਮਾਨੀਆਂ ਜਾਰੀ ਹਨ। ਸਰਕਾਰ ਦੇ ਸਖਤ ਆਦੇਸ਼ਾਂ ਦੇ ਬਾਵਜੂਦ ਸਕੂਲ ਆਪਣੇ ਢੰਗ ਨਾਲ ਹੀ ਚੱਲ ਰਹੇ ਹਨ। ਅਜਿਹੀਆਂ ਰਿਪੋਰਟਾਂ ਮਗਰੋਂ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਹੈ।


ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮੀਟਿੰਗ ਕੀਤੀ ਜਾ ਰਹੀ ਹੈ। ਅਜਿਹੀਆਂ ਰਿਪੋਰਟਾਂ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ।


ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ’ਚ ਆਈਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ।


ਇਸ ਦੇ ਨਾਲ ਹੀ ਉਨ੍ਹਾਂ ਨਿੱਜੀ ਸਕੂਲਾਂ ’ਚ ਮਾਪਿਆਂ ਦੀਆਂ ਮੀਟਿੰਗਾਂ ਨਾ ਹੋਣ ਦੇਣੀਆਂ ਯਕੀਨ ਬਣਾਉਣ ਦੀ ਵੀ ਹਦਾਇਤ ਕੀਤੀ ਹੈ। ਅਧਿਕਾਰੀਆਂ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਭੇਜਣ ਲਈ ਕਿਹਾ ਗਿਆ ਹੈ।


ਦੱਸ ਦਈਏ ਕਿ ਕੋਵਿਡ ਕੇਸਾਂ ’ਚ ਵਾਧੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਤੱਕ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲ ਸਟਾਫ ਨੂੰ ਸਕੂਲ ਬੁਲਾ ਰਹੇ ਹਨ।