ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮੌਕੇ ਲੱਗੇ ਖਾਲਿਸਤਾਨ ਪੱਖੀ ਨਾਅਰੇ, ਵੇਖੋ ਵੀਡੀਓ
ਅੱਜ 6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਪ੍ਰੇਸ਼ਨ ਬਲੂ ਸਟਾਰ (Operation Blue Star) ਦੀ 38ਵੀਂ ਬਰਸੀ ਨੂੰ ਸ਼ਾਂਤੀਪੂਰਵਕ ਮਨਾਇਆ ਗਿਆ।
ਅੰਮ੍ਰਿਤਸਰ: ਅੱਜ 6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਪ੍ਰੇਸ਼ਨ ਬਲੂ ਸਟਾਰ (Operation Blue Star) ਦੀ 38ਵੀਂ ਬਰਸੀ ਨੂੰ ਸ਼ਾਂਤੀਪੂਰਵਕ ਮਨਾਇਆ ਗਿਆ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ।ਸਾਰਾ ਸਮਾਗਮ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ।ਹਾਲਾਂਕਿ ਕੁਝ ਨੌਜਵਾਨਾਂ ਨੇ ਇਸ ਦੌਰਾਨ ਇਕੱਠੇ ਹੋ ਕੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ।
ਸਾਰੇ ਪੁਲਿਸ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਸੈਂਕੜੇ ਲੋਕ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਪੁੱਜੇ। ਉਨ੍ਹਾਂ ਹੱਥਾਂ ਵਿੱਚ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਦੌਰਾਨ ਲੋਕਾਂ ਦੇ ਹੱਥਾਂ ਵਿੱਚ ਜਰਨੈਲ ਭਿੰਡਰਾਂਵਾਲੇ ਦੇ ਪੋਸਟਰ, ਬੈਨਰ ਅਤੇ ਤਸਵੀਰਾਂ ਵੀ ਦੇਖਣ ਨੂੰ ਮਿਲੀਆਂ।
ਵੇਖੋ ਇਹ ਵੀਡੀਓ
#WATCH | Punjab: A group of people gathers at the entrance to the Golden Temple in Amritsar, raises pro-Khalistan slogans and carries posters of Khalistani separatist Jarnail Bhindranwale. pic.twitter.com/zTu9ro7934
— ANI (@ANI) June 6, 2022
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਪਹਿਲਾਂ ਵਾਂਗ, ਅਕਾਲ ਤਖ਼ਤ ਦੇ ਜਥੇਦਾਰ ਜੂਨ 1984 ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਕਰਨ ਉਪਰੰਤ ਕੌਮ ਦੇ ਨਾਮ ਸੰਦੇਸ਼ ਦਿੱਤਾ।
ਅਰਦਾਸ ਦੌਰਾਨ 1984 'ਚ ਅਕਾਲ ਤਖ਼ਤ ਅਤੇ ਹਰਿਮੰਦਰ ਸਾਹਿਬ 'ਤੇ ਫੌਜੀ ਹਮਲੇ ਦਾ ਹੁਕਮ ਦੇਣ ਲਈ ਤਤਕਾਲੀ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ।ਇਸ ਸਬੰਧੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਏਜੰਸੀਆਂ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਪੰਜਾਬ ਭਰ ਤੋਂ ਸੱਤ ਹਜ਼ਾਰ ਪੁਲਿਸ ਤੇ ਨੀਮ ਫੌਜੀ ਬਲਾਂ ਦੇ ਜਵਾਨ ਸ਼ਹਿਰ ਦੇ ਹਰ ਕੋਨੇ 'ਤੇ ਨਜ਼ਰ ਰੱਖ ਰਹੇ ਹਨ। ਸ਼ਹਿਰ ਵਿੱਚ ਧਾਰਾ 144 ਲਾਗੂ ਹੈ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ ਲੈ ਕੇ ਚੱਲਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਪੁਲੀਸ ਪੂਰੀ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੈਰੀਕੇਡਿੰਗ ਰਾਹੀਂ 90 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ 110 ਪੀਸੀਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ। ਚਾਰ ਹਜ਼ਾਰ ਸਿਪਾਹੀ ਸਿਰਫ਼ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਹੈਰੀਟੇਜ ਸਟਰੀਟ ਵਿਚ ਤਾਇਨਾਤ ਕੀਤੇ ਗਏ ਹਨ। ਪੁਲਿਸ ਦੀਆਂ ਖੁਫੀਆ ਟੀਮਾਂ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਰੇਲਵੇ ਸਟੇਸ਼ਨ, ਬੱਸ ਸਟੈਂਡ, ਸ੍ਰੀ ਦੁਰਗਿਆਣਾ ਤੀਰਥ, ਸ੍ਰੀ ਰਾਮਤੀਰਥ ਤੇ ਮਾਲ ਦੇ ਐਂਟਰੀ ਗੇਟਾਂ ਦੀ ਲਗਾਤਾਰ ਤਲਾਸ਼ੀ ਲਈ ਜਾ ਰਹੀ ਹੈ।
ਜਥੇਬੰਦੀ ਦਲ ਖਾਲਸਾ ਨੇ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।ਨੌਜਵਾਨ ਹੱਥਾਂ 'ਚ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲੈ ਕੇ ਨਾਅਰੇਬਾਜ਼ੀ ਕਰ ਰਹੇ ਹਨ।ਇਸ ਦੌਰਾਨ ਬਹੁਤ ਸਾਰੇ ਲੋਕ ਦਰਬਾਰ ਸਾਹਿਬ ਅੰਦਰ ਸੁਰੱਖਿਆ ਮੁਲਜ਼ਾਮਾਂ ਦੀ ਸਿਵਲ ਡਰੈੱਸ 'ਚ ਭਾਰੀ ਤਾਇਨਾਤੀ 'ਤੇ ਵੀ ਸਵਾਲ ਚੁੱਕ ਰਹੇ ਹਨ।