Farmers Protest News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਤਵਾਰ (18 ਫਰਵਰੀ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਦ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੀਐਮ ਮੋਦੀ ਇੱਛਾ ਸ਼ਕਤੀ ਦਿਖਾਉਣ ਤਾਂ ਸਮੱਸਿਆ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਕਿਸਾਨਾਂ ਨਾਲ ਗੱਲ ਕਰਨ ਦੀ ਬੇਨਤੀ ਕੀਤੀ ਗਈ। ਐਮਐਸਪੀ ਸਮੇਤ ਖੇਤੀ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਅੱਜ ਉਨ੍ਹਾਂ ਦੇ ਪ੍ਰਦਰਸ਼ਨ ਦਾ ਛੇਵਾਂ ਦਿਨ ਹੈ।




ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ, 'ਸ਼ੰਭੂ ਸਰਹੱਦ 'ਤੇ ਸਾਡੇ ਧਰਨੇ ਦਾ ਅੱਜ ਛੇਵਾਂ ਦਿਨ ਹੈ। ਅੱਜ ਅਸੀਂ ਸਰਕਾਰ ਨਾਲ ਵੀ ਗੱਲਬਾਤ ਕਰ ਰਹੇ ਹਾਂ। ਸਰਕਾਰ ਨੇ ਸਾਡੇ ਤੋਂ ਕੁਝ ਸਮਾਂ ਮੰਗਿਆ ਸੀ ਤੇ ਕਿਹਾ ਸੀ ਕਿ ਉਹ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢੇਗੀ। ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਤਿੰਨ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪਿਛਲੀਆਂ ਤਿੰਨ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਇਸ ਦੌਰਾਨ ਹੁਣ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ।


 






 


ਪ੍ਰਧਾਨ ਮੰਤਰੀ ਇੱਛਾ ਸ਼ਕਤੀ ਦਿਖਾਉਣ 
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਖੁਦ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਜੇਕਰ ਉਹ ਇੱਛਾ ਸ਼ਕਤੀ ਦਿਖਾਉਣ ਤਾਂ ਸਮੱਸਿਆ ਹੱਲ ਹੋ ਜਾਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਆ ਕੇ ਗੱਲ ਕਰਨੀ ਚਾਹੀਦੀ ਹੈ। ਅੱਜ ਹੋਣ ਵਾਲੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਹੋਣੀ ਹੈ। ਖੇਤੀ ਵਿੱਚ ਵੱਡਾ ਸੰਕਟ ਹੈ। ਅੱਜ ਦੇਖਾਂਗੇ ਕਿ ਮੰਤਰੀ ਕਿਸ ਮੂਡ 'ਚ ਆਉਂਦੇ ਹਨ। ਅਸੀਂ ਇਸ ਸਮੇਂ ਸਕਾਰਾਤਮਕ ਮੂਡ ਵਿੱਚ ਹਾਂ।


ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿਓ
ਕਿਸਾਨ ਆਗੂ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਆਪਣੀ ਮੰਗ ਨੂੰ ਇੱਕ ਵਾਰ ਫਿਰ ਦੁਹਰਾਇਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਹੋਣੀ ਚਾਹੀਦੀ ਹੈ। ਭਾਰਤ ਦੀ ਹਾਲਤ ਇਹ ਬਣ ਰਹੀ ਹੈ ਕਿ ਕਿਸਾਨ ਹਰ ਰੋਜ਼ ਖੇਤੀ ਛੱਡ ਰਹੇ ਹਨ। ਕਿਸਾਨਾਂ ਦੇ ਕਰਜ਼ੇ ਬਾਰੇ ਗੱਲ ਕਰਦਿਆਂ ਸਰਵਣ ਸਿੰਘ ਨੇ ਕਿਹਾ ਕਿ ਅੱਜ ਕਿਸਾਨ ਵੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੀ ਸਥਿਤੀ ਤੋਂ ਬਾਹਰ ਲਿਆਉਣਾ ਹੋਵੇਗਾ।


ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ
ਕਿਸਾਨਾਂ ਦੇ ਰੋਸ ਦਰਮਿਆਨ ਸਰਕਾਰ ਤੇ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਗੱਲਬਾਤ ਦੀ ਮੇਜ਼ 'ਤੇ ਆਉਣ ਜਾ ਰਹੀਆਂ ਹਨ। ਕੇਂਦਰੀ ਮੰਤਰੀ ਅਰਜੁਨ ਮੁੰਡਾ, ਵਣਜ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਸੰਗਠਨਾਂ ਨਾਲ ਐਮਐਸਪੀ ਤੇ ਹੋਰ ਮੁੱਦਿਆਂ 'ਤੇ ਚਰਚਾ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਦੋਵਾਂ ਧਿਰਾਂ ਵਿਚਾਲੇ 8, 12 ਤੇ 15 ਫਰਵਰੀ ਨੂੰ ਗੱਲਬਾਤ ਹੋਈ ਸੀ, ਜੋ ਬੇਸਿੱਟਾ ਰਹੀ ਸੀ। ਇਹੀ ਕਾਰਨ ਹੈ ਕਿ ਚੌਥੇ ਦੌਰ ਦੀ ਗੱਲਬਾਤ ਤੋਂ ਕਾਫੀ ਉਮੀਦਾਂ ਜਤਾਈਆਂ ਜਾ ਰਹੀਆਂ ਹਨ।