ਬੇਅਦਬੀ ਨਾਲ ਜੁੜੇ 2 ਕੇਸਾਂ 'ਚ ਰਾਮ ਰਹੀਮ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ, ਹੁਣ ਪੰਜਾਬ ਲਿਆਉਣ ਦੀ ਤਿਆਰੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਤੇ ਬੇਅਦਬੀ ਦੇ ਮਾਮਲੇ ਵਿੱਚ ਐਫਆਈਆਰ ਨੰਬਰ 63 'ਚ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ।
ਫਰੀਦਕੋਟ: ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ। ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਪ੍ਰੋਡਕਸ਼ਨ ਵਾਰੰਟ ਦਿੱਤਾ ਹੈ। ਇਹ ਵਾਰੰਟ 2 ਮਾਮਲਿਆਂ ਵਿੱਚ ਦਿੱਤਾ ਗਿਆ ਹੈ। ਐਸਆਈਟੀ ਨੂੰ 4 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਤੇ ਬੇਅਦਬੀ ਦੇ ਮਾਮਲੇ ਵਿੱਚ ਐਫਆਈਆਰ ਨੰਬਰ 63 'ਚ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਰਾਮ ਰਹੀਮ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਸੀ।
ਸਾਲ 2015 'ਚ ਦਰਜ ਦੋ ਮਾਮਲਿਆਂ 'ਚ ਰਾਮ ਰਹੀਮ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 117 ਦਾ ਹੈ ਜਿਸ ਵਿੱਚ ਵਿਵਾਦਤ ਪੋਸਟਰ ਲਾਉਣ ਦਾ ਇਲਜ਼ਾਮ ਹੈ। ਦੂਜਾ ਮਾਮਲਾ ਐਫਆਈਆਰ ਨੰਬਰ 128 ਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।
ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਬਾਬਾ ਰਾਮ ਰਹੀਮ ਨੂੰ ਮਾਸਟਰਮਾਈਂਡ ਬਣਾਇਆ ਹੈ। ਸਰਕਾਰ ਬਦਲਣ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਰਾਮ ਰਹੀਮ ਦਾ ਨਾਂ ਆਇਆ ਸੀ। ਪੰਜਾਬ ਪੁਲਿਸ ਨੇ ਇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਐਫਆਈਆਰ ਨੰਬਰ 117 ਵਿੱਚ ਵਿਵਾਦਿਤ ਪੋਸਟਰ ਮਾਮਲੇ ਦੇ ਪਿੱਛੇ ਵੀ ਰਾਮ ਰਹੀਮ ਦਾ ਹੱਥ ਹੈ। ਇਸ ਤੋਂ ਇਲਾਵਾ ਉਹ ਐਫਆਈਆਰ ਨੰਬਰ 128 ਦੇ ਬੇਅਦਬੀ ਮਾਮਲੇ ਵਿੱਚ ਵੀ ਮੁੱਖ ਮੁਲਜ਼ਮ ਹੈ। ਇਸ ਮਾਮਲੇ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗਲੀਆਂ ਵਿੱਚ ਖਿੱਲਰੇ ਮਿਲੇ ਸੀ।
ਇਹ ਵੀ ਪੜ੍ਹੋ: 26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਵੇਗੀ Alka Lamba, ਕਿਹਾ- ਮੈਂ ਡਰਨ ਵਾਲੀ ਨਹੀਂ