ਚੰਡੀਗੜ੍ਹ: ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਤੇ ਵਿਵਾਦ ਜਾਰੀ ਹੈ। ਹੁਣ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਕੌਮੀ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਹੈ ਕਿ ਜੇਕਰ ਭੁੱਲਰ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਉਣਗੇ ਤੇ ਅਜਿਹੇ ਹੋਰ ਵੀ ਕੇਸਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਇਸੇ ਤਰ੍ਹਾਂ ਪਹਿਲਾਂ ਛੱਡਿਆ ਗਿਆ ਹੈ। ਬਿੱਟਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਭੁੱਲਰ ਦੀ ਰਿਹਾਈ ਨੂੰ ਮੁੱਦਾ ਬਣਾਇਆ ਗਿਆ, ਜਦਕਿ ਉਸ ਦੀ ਫਾਂਸੀ ਦੀ ਸਜ਼ਾ ਤੋਂ ਲੈ ਕੇ ਹੁਣ ਤੱਕ ਸਿਆਸਤ ਹੀ ਹੁੰਦੀ ਆਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੁਨਾਹਗਾਰ ਨੂੰ ਦੋਸ਼ ਸਿੱਧ ਹੋ ਜਾਣ ਬਾਅਦ ਵੀ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਦੇ ਮੁਲਜ਼ਮਾਂ ਨੂੰ ਵੀ ਬਾਅਦ ਵਿੱਚ ਇਸੇ ਤਰ੍ਹਾਂ ਛੱਡ ਦਿੱਤੇ ਜਾਣ ਦੀ ਵਕਾਲਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੋਟਾਂ ਖਾਤਰ ਸੂਬੇ ਦਾ ਮਾਹੌਲ ਖਰਾਬ ਕਰਨ ਲੱਗੀਆਂ ਹੋਈਆਂ ਹਨ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਉਧਰ, ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਚ ਮੁੜ ਟਾਲਾ ਵੱਟਣ ਦੇ ਫੈ਼ਸਲੇ ਨਾਲ ਉਸ ਦੇ ਪਰਿਵਾਰ ਵਿੱਚ ਨਿਰਾਸ਼ਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੀ ਇਸ ਮਾਮਲੇ ਵਿੱਚ ਭਾਰਤ ਸਰਕਾਰ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਵਿੱਚ ਪ੍ਰੋ. ਭੁੱਲਰ ਦੀ ਰਿਹਾਈ ਦੇ ਮਾਮਲੇ ਨੂੰ ਇੱਕ ਵਾਰ ਮੁੜ ਅੱਗੇ ਪਾ ਦਿੱਤਾ ਗਿਆ ਹੈ।

ਪ੍ਰੋ. ਭੁੱਲਰ ਦੀ ਪਤਨੀ ਨਵਨੀਤ ਕੌਰ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਫੈ਼ਸਲੇ ਤੋਂ ਉਨ੍ਹਾਂ ਨੂੰ ਬਹੁਤ ਨਿਰਾਸ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 24 ਸਾਲਾਂ ਤੋਂ ਜੇਲ੍ਹ ’ਚ ਬੰਦ ਪ੍ਰੋ. ਭੁੱਲਰ ਦੀ ਰਿਹਾਈ ਦੀ ਉਮੀਦ ਜਾਗੀ ਸੀ, ਜੋ ਅੱਜ ਮੁੜ ਟੁੱਟ ਗਈ ਹੈ। ਨਵਨੀਤ ਨੇ ਸ਼ੰਕਾ ਪ੍ਰਗਟਾਇਆ ਹੈ ਕਿ ਦਿੱਲੀ ਸਰਕਾਰ ਵੱਲੋਂ ਇਸ ਰਿਹਾਈ ਨੂੰ ਟਾਲਣ ਪਿੱਛੇ ਕੋਈ ਸਿਆਸੀ ਕਾਰਨ ਹੋ ਸਕਦਾ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਡਾਹੁਣ ਵਾਲੀ ਦਿੱਲੀ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ‘ਆਪ’ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ।