Punjab News: ਸ਼੍ਰੋਮਣੀ ਅਕਾਲੀ ਦਲ 'ਚ ਬਗਾਵਤ ਜ਼ੋਰਾਂ 'ਤੇ ਹੈ। ਇਸ ਨੂੰ ਲੈ ਕੇ ਅੱਜ ਮੀਟਿੰਗਾਂ ਦਾ ਦੌਰ ਜਾਰੀ ਰਿਹਾ। ਬਾਗੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਦੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਦਲਜੀਤ ਸਿੰਘ ਚੀਮਾ ਤੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ।



ਦੂਜੇ ਪਾਸੇ ਬਾਗੀ ਧੜੇ ਦੀ ਮੀਟਿੰਗ ਕਿਸੇ ਹੋਰ ਥਾਂ ’ਤੇ ਹੋਈ। ਮੀਟਿੰਗ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਬਡਾਲਾ, ਸੁਖਦੇਵ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ ਸਮੇਤ ਕਈ ਆਗੂ ਹਾਜ਼ਰ ਸਨ। ਇਸ ਮੌਕੇ ਪ੍ਰੈੱਸ ਕਾਨਫਰੰਸ ਵਿੱਚ ਬਾਗੀ ਧੜੇ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਚਲਾਈ ਜਾਵੇਗੀ। ਇਸ ਲਈ ਗੁਰਪ੍ਰਤਾਪ ਸਿੰਘ ਬਡਾਲਾ ਨੂੰ ਕਨਵੀਨਰ ਨਿਯੁਕਤ ਕੀਤਾ ਜਾਵੇਗਾ। ਇੱਕ ਹੋਰ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਸਾਰਿਆਂ ਦੀ ਸਹਿਮਤੀ ਨਾਲ ਫੈਸਲੇ ਲਏ ਜਾਣਗੇ। 


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਚੋਣਾਂ ਸਮੇਂ ਜਿਹੜੇ ਲੋਕਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਂ ਪਾਰਟੀ ਛੱਡ ਚੁੱਕੇ ਪੁਰਾਣੇ ਅਕਾਲੀ ਪਰਿਵਾਰਾਂ ਨੂੰ ਪਾਰਟੀ ਨਾਲ ਜੋੜਿਆ ਜਾਏਗਾ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਪਾਰਟੀ ਦਫ਼ਤਰ ਵਿੱਚ ਮੀਟਿੰਗ ਲਈ ਕੋਈ ਸਮਾਂ ਨਹੀਂ ਮੰਗਿਆ ਗਿਆ। 


ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਮਜ਼ਬੂਤ ​​ਕਰਨਾ ਹੈ ਤਾਂ ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਜਲੰਧਰ ਚੋਣਾਂ 'ਚ ਸਾਰੀ ਸਥਿਤੀ ਸਪੱਸ਼ਟ ਹੋ ਗਈ ਹੈ। ਇਸ ਦੇ ਨਾਲ ਹੀ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਅਸਲੀ ਆਗੂ ਹਨ। ਅਸੀਂ ਅਕਾਲੀ ਦਲ ਸੁਧਾਰ ਲਹਿਰ ਲੈ ਕੇ ਆ ਰਹੇ ਹਾਂ।



ਦੂਜੇ ਪਾਸੇ ਸੁਖਬੀਰ ਬਾਦਲ ਧੜੇ ਦੇ ਲੀਡਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਤੇ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਸਬੰਧੀ ਚਰਚਾ ਹੋਈ। ਹੁਣ ਤੱਕ ਸਿਰਫ਼ ਚੰਡੀਗੜ੍ਹ ਦੇ ਨੇੜਲੇ ਆਗੂਆਂ ਨੂੰ ਹੀ ਬੁਲਾਇਆ ਗਿਆ ਹੈ। ਜਦੋਂ ਉਨ੍ਹਾਂ ਨੂੰ ਬਾਗੀ ਧੜੇ ਦੇ ਆਗੂਆਂ ਦੀ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪ੍ਰਧਾਨ ਸਾਹਿਬ ਮੀਟਿੰਗ ਕਰ ਰਹੇ ਹਨ। ਇਹ ਲੋਕ ਨਹੀਂ ਆਏ। ਉਨ੍ਹਾਂ ਬਾਹਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਇਆ ਹੈ।