ਬੇਅਦਬੀ ਕਾਂਡ 'ਚ ਨਾਂ ਆਉਣ ਮਗਰੋਂ ਬਾਦਲ ਖਿਲਾਫ ਰੋਹ, ਪੂਤਲੇ ਫੂਕੇ
ਏਬੀਪੀ ਸਾਂਝਾ | 29 Aug 2018 04:44 PM (IST)
ਫ਼ਰੀਦਕੋਟ: ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਗੋਲ਼ੀ ਕਾਂਡ ਕਾਰਨ ਦਹਿਲੇ ਕੋਟਕਪੂਰਾ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਫਿਰ ਤੋਂ ਰੋਸ ਮੁਜ਼ਾਹਰਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਰਿਪੋਰਟ ਵਿੱਚ ਅਕਾਲੀ ਦਲ ਦੇ ਵੱਡੇ ਲੀਡਰਾਂ ਦੇ ਨਾਂ ਆਉਣ ਕਾਰਨ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਹੈ। ਇਸ ਦੇ ਚੱਲਦਿਆਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿੱਚ ਆਮ ਆਦਮੀ ਪਾਰਟੀ ਤੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ। ਫ਼ਰੀਦਕੋਟ ਤੋਂ 'ਆਪ' ਦੇ ਲੋਕ ਸਭਾ ਮੈਂਬਰ ਸਾਧੂ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੇ ਡੇਰਾ ਸਿਰਸਾ ਦੇ ਮੁਖੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਰਿਪੋਰਟ ਵਿੱਚ ਅਕਾਲੀਆਂ ਦਾ ਨਾਂ ਆਉਣ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਵਿਖਾਵਾਕਾਰੀਆਂ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ। ਪ੍ਰੋ. ਸਾਧੂ ਸਿੰਘ ਨੇ ਆਖਿਆ ਕਿ ਗੁਰੁ ਗ੍ਰੰਥ ਸਾਹਿਬ ਸਭ ਦੇ ਸਾਂਝੇ ਅਤੇ ਸਤਿਕਾਰਤ ਹਨ ਪਰ ਜਿਸ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੋਸ਼ੀ ਭਾਵੇਂ ਕਿੰਨੇ ਵੀ ਉੱਚੇ ਅਹੁਦੇ 'ਤੇ ਬਿਰਾਜਮਾਨ ਕਿਉਂ ਨਾ ਹੋਵੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਹਿਲਾਂ ਬੇਅਦਬੀ ਮਾਮਲਿਆਂ ਦੀ ਜਾਂਚ ਕੇਂਦਰ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰਨ ਦਾ ਐਲਾਨ ਕੀਤਾ ਸੀ। ਬੀਤੇ ਕੱਲ੍ਹ ਸਰਕਾਰ ਨੇ ਆਪਣੇ ਇਸ ਫੈਸਲੇ ਤੋਂ ਪੈਰ ਪਿੱਛੇ ਖਿੱਚ ਲਏ ਹਨ। ਹੁਣ ਇਨ੍ਹਾਂ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ।