ਲੁਧਿਆਣਾ 'ਚ ਨਗਰ ਨਿਗਮ ਦਾ ਵਿਰੋਧ: ਸਾਬਕਾ ਵਿਧਾਇਕ ਸੰਜੇ ਤਲਵਾੜ ਦੇ ਨਜ਼ਦੀਕੀ ਦੀ ਇਮਾਰਤ 'ਤੇ ਕਾਰਵਾਈ ਕਰਨ ਪਹੁੰਚੀ ਟੀਮ
ਵਧਦੇ ਰੋਸ ਨੂੰ ਦੇਖਦਿਆਂ ਨਿਗਮ ਅਧਿਕਾਰੀਆਂ ਨੂੰ ਕਾਰਵਾਈ ਰੋਕਣੀ ਪਈ। ਸਾਬਕਾ ਕਾਂਗਰਸੀ ਵਿਧਾਇਕ ਤਲਵਾੜ ਸਾਥੀਆਂ ਸਮੇਤ ਮੌਕੇ ’ਤੇ ਪੁੱਜੇ। ਤਲਵੜ ਨੇ ਨਿਗਮ ਅਧਿਕਾਰੀਆਂ ’ਤੇ ਦੋਸ਼ ਲਾਇਆ ਕਿ ਉਹ ਸਿਆਸੀ ਰੰਜਿਸ਼ ਕਾਰਨ ਕਾਰਵਾਈ ਕਰ ਰਹੇ ਹਨ।
ਚੰਡੀਗੜ੍ਹ: ਪੰਜਾਬ ਦੇ ਸ਼ਹਿਰ ਲੁਧਿਆਣਾ 'ਚ ਸ਼ਿੰਗਾਰ ਸਿਨੇਮਾ ਰੋਡ 'ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੇ ਨਜ਼ਦੀਕੀ ਇਮਾਰਤ ਨੂੰ ਬਿਨਾਂ ਨਕਸ਼ਾ ਪਾਸ ਕੀਤੇ ਹੀ ਬਣਾਇਆ ਜਾ ਰਿਹਾ ਹੈ। ਜਿਸ 'ਤੇ ਨਗਰ ਨਿਗਮ ਲੁਧਿਆਣਾ ਦੀ ਟੀਮ ਜੇਸੀਬੀ ਚਲਾਉਣ ਲਈ ਪਹੁੰਚੀ। ਜੇ.ਸੀ.ਬੀ ਨੇ ਮੌਕੇ 'ਤੇ ਇਮਾਰਤ ਦੇ ਇੱਕ ਹਿੱਸੇ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਤਾਂ ਇਲਾਕੇ 'ਚ ਨਿਗਮ ਪ੍ਰਸ਼ਾਸਨ ਪ੍ਰਤੀ ਰੋਸ ਸ਼ੁਰੂ ਹੋ ਗਿਆ |
ਵਧਦੇ ਰੋਸ ਨੂੰ ਦੇਖਦਿਆਂ ਨਿਗਮ ਅਧਿਕਾਰੀਆਂ ਨੂੰ ਕਾਰਵਾਈ ਰੋਕਣੀ ਪਈ। ਸਾਬਕਾ ਕਾਂਗਰਸੀ ਵਿਧਾਇਕ ਤਲਵਾੜ ਸਾਥੀਆਂ ਸਮੇਤ ਮੌਕੇ ’ਤੇ ਪੁੱਜੇ। ਤਲਵੜ ਨੇ ਨਿਗਮ ਅਧਿਕਾਰੀਆਂ ’ਤੇ ਦੋਸ਼ ਲਾਇਆ ਕਿ ਉਹ ਸਿਆਸੀ ਰੰਜਿਸ਼ ਕਾਰਨ ਕਾਰਵਾਈ ਕਰ ਰਹੇ ਹਨ। ਨਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਇਮਾਰਤ ਦਾ CLU (ਚੇਂਜ ਆਫ਼ ਲੈਂਡ ਯੂਜ਼) ਤਾਂ ਹੋ ਚੁੱਕਾ ਹੈ ਪਰ ਨਕਸ਼ਾ ਪਾਸ ਕਰਵਾਏ ਬਿਨਾਂ ਇੱਥੇ 200 ਗਜ਼ ਦੀ ਕਮਰਸ਼ੀਅਲ ਇਮਾਰਤ ਖੜ੍ਹੀ ਕਰ ਦਿੱਤੀ ਗਈ ਹੈ।
ਇਸ ਵੇਲੇ ਇਹ ਇਮਾਰਤ ਦੋ ਮੰਜ਼ਿਲਾ ਹੈ। ਨਗਰ ਨਿਗਮ ਦੇ ਏਟੀਪੀ ਕੁਲਜੀਤ ਸਿੰਘ ਮਾਂਗਟ ਨੇ ਦੱਸਿਆ ਕਿ ਨਿਗਮ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸ਼ਿੰਗਾਰ ਸਿਨੇਮਾ ਰੋਡ ’ਤੇ ਬਿਨਾਂ ਨਕਸ਼ਾ ਪਾਸ ਕਰਵਾਏ ਵਪਾਰਕ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਜਿਸ ਦਾ ਕੰਮ ਮਹੀਨਾ ਪਹਿਲਾਂ ਵੀ ਬੰਦ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੰਮ ਚੱਲ ਰਿਹਾ ਹੈ। ਸ਼ੁੱਕਰਵਾਰ ਨੂੰ ਜਦੋਂ ਨਗਰ ਨਿਗਮ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਬਿਲਡਿੰਗ ਮਾਲਕ ਅਤੇ ਹੋਰ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਮੌਕੇ ’ਤੇ ਨਗਰ ਨਿਗਮ ਦਫ਼ਤਰ ਪੁੱਜੇ ਸਾਬਕਾ ਵਿਧਾਇਕ ਸੰਜੇ ਤਲਵੜ ਅਤੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਨੇ ਇਸ ਕਾਰਵਾਈ ਨੂੰ ਪੱਖਪਾਤੀ ਕਰਾਰ ਦਿੱਤਾ। ਸੰਜੇ ਤਲਵੜ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਕਈ ਥਾਵਾਂ ’ਤੇ ਇਸ ਤਰ੍ਹਾਂ ਕਈ ਇਮਾਰਤਾਂ ਬਣ ਰਹੀਆਂ ਹਨ ਪਰ ਨਗਰ ਨਿਗਮ ਦੇ ਮੁਲਾਜ਼ਮ ਹੀ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਸਾਰੀਆਂ ਇਮਾਰਤਾਂ ’ਤੇ ਕੀਤੀ ਜਾਵੇ।
ਇਸ ਦੇ ਨਾਲ ਹੀ ਇਸ ਮਾਮਲੇ 'ਚ ਏਟੀਪੀ ਨੇ ਕਿਹਾ ਕਿ ਇਮਾਰਤ ਦੇ ਮਾਲਕ ਨੇ ਲਿਖਤੀ ਰੂਪ 'ਚ ਕਿਹਾ ਹੈ ਕਿ ਇਮਾਰਤ ਦਾ ਨਕਸ਼ਾ ਪਾਸ ਕਰਵਾਉਣ ਲਈ ਚੈੱਕ ਦੇ ਰਿਹਾ ਹੈ ਅਤੇ ਜੋ ਵੀ ਹਿੱਸਾ ਇਮਾਰਤ ਦੀ ਉਲੰਘਣਾ ਕਰ ਰਿਹਾ ਹੈ, ਉਹ ਖੁਦ ਤੋੜ ਦੇਵੇਗਾ।